‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਇਕ ਵਾਰ ਮੁੜ ਵਾਧਾ ਕੀਤਾ ਗਿਆ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਵਾਧਾ ਕੀਤਾ ਗਿਆ ਹੈ। ਇਹ ਕੀਮਤ ਪੂਰੇ ਦੇਸ਼ ਵਿੱਚ ਲਾਗੂ ਹੋ ਗਈ ਹੈ। ਹੁਣ ਸਿਲੰਡਰ 1010 ਰੁਪਏ ਵਿੱਚ ਮਿਲੇਗਾ ਜੋ ਪਹਿਲਾਂ 960 ਰੁਪਏ ਵਿੱਚ ਮਿਲਦਾ ਸੀ। ਦਿੱਲੀ ਵਿੱਚ ਹੁਣ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 999.50 ਰੁਪਏ ਹੋਵੇਗੀ।
ਮਾਰਚ ਮਹੀਨੇ ਵਿੱਚ ਵੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ, ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 1 ਮਈ ਨੂੰ ਵਪਾਰਕ ਸਿਲੰਡਰ ਦੀ ਕੀਮਤ ਵਿੱਚ 102 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਇਨ੍ਹਾਂ ਦੀ ਕੀਮਤ 2, 355 ਰੁਪਏ ਹੋ ਗਈ ਸੀ। ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਭਾਰਤ ਵਿੱਚ ਆਮ ਆਦਮੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰੇਗਾ। ਮੁਲਕ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਸਿਖਰਾਂ ਉੱਤੇ ਹੈ। ਰਸੋਈ ਚਲਾਉਣੀ ਮੁਸ਼ਕਿਲ ਹੋ ਗਈ ਹੈ। ਦਾਲਾਂ ਅਤੇ ਸਬਜ਼ੀਆਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ।
ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮਹਿੰਗਾਈ ਲਗਾਤਾਰ ਉੱਪਰ ਜਾ ਰਹੀ ਹੈ। ਚੋਣਾਂ ਤੋਂ ਲੈ ਕੇ ਹੁਣ ਤੱਕ ਪੈਟਰੋਲ ਦੇ ਭਾਅ ਵਿੱਚ ਇੱਕ ਦਰਜਨ ਤੋਂ ਵੱਧ ਵਾਰ ਵਾਧਾ ਹੋ ਚੁੱਕਾ ਹੈ ਅਤੇ ਰਸੋਈ ਗੈਸ ਦੇ ਸਿਲੰਡਰ ਵਿੱਚ ਵੀ ਇਹ ਤੀਜਾ ਵੱਡਾ ਵਾਧਾ ਹੈ।