India Punjab

ਕੇਂਦਰ ਨੇ ਬਣਾਈ ਬੁੱਢਾ ਨਾਲ਼ਾ ਸਾਫ਼ ਕਰਨ ਦੀ ਯੋਜਨਾ

ਬਿਉਰੋ ਰਿਪੋਰਟ: ਕੇਂਦਰ ਸਰਕਾਰ ਨੇ ਲੁਧਿਆਣਾ ਵਿੱਚੋਂ ਲੰਘਦੀ ਸਤਲੁਜ ਦੀਆਂ ਸਭ ਤੋਂ ਪ੍ਰਦੂਸ਼ਿਤ ਸਹਾਇਕ ਨਦੀਆਂ ਵਿੱਚੋਂ ਇੱਕ ਨੂੰ ਸਾਫ਼ ਕਰਨ ਅਤੇ ਇਸ ਨੂੰ ਰਾਜਸਥਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਾਫ਼ ਅਤੇ ਸੁਰੱਖਿਅਤ ਕਰਨ ਲਈ ਇੱਕ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਨਾਲ ਬੁੱਢੇ ਨਾਲੇ ਦੇ ਪੁਨਰ-ਸੁਰਜੀਤੀ ਦੀ ਮੁੜ ਤੋਂ ਉਮੀਦ ਬੱਝੀ ਹੈ।

ਇੱਕ ਸੀਨੀਅਰ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਮਾਂਬੱਧ ਕਾਰਜ ਯੋਜਨਾ, ਬੁੱਢੇ ਨਾਲੇ ਦੇ ਪ੍ਰਦੂਸ਼ਣ ਨਾਲ ਸਬੰਧਿਤ ਮੁੱਦਿਆਂ ਦੀ ਜਾਂਚ, ਮੌਜੂਦਾ ਪ੍ਰਦੂਸ਼ਣ ਘਟਾਉਣ ਵਾਲੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਅਤੇ ਪਹਿਲ ਦੇ ਕ੍ਰਮ ਵਿੱਚ ਸੁਧਾਰਾਤਮਕ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਸ਼ਾਮਲ ਹੈ।

ਉਨ੍ਹਾਂ ਨੇ ਕਿਹਾ ਕਿ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਅਧੀਨ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰ ਸੁਰਜੀਤੀ ਵਿਭਾਗ ਨੇ ਇਸ ਯੋਜਨਾ ਨੂੰ ਪੂਰਾ ਕਰਨ ਲਈ ਕੇਂਦਰ ਅਤੇ ਪੰਜਾਬ ਦੋਵਾਂ ਦੇ ਮਾਹਿਰਾਂ ਅਤੇ ਸੀਨੀਅਰ ਅਧਿਕਾਰੀਆਂ ਦਾ ਇੱਕ ਉੱਚ ਪੱਧਰੀ ਸੰਯੁਕਤ ਸਮੂਹ ਬਣਾਇਆ ਹੈ। ਗਰੁੱਪ ਨੂੰ ਇਸ ਕੰਮ ਨੂੰ ਪੂਰਾ ਕਰਕੇ ਇਕ ਮਹੀਨੇ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਗਿਆ ਹੈ।