India Punjab Religion

ਕੇਂਦਰ ਸਰਕਾਰ ਭਾਈ ਹਵਾਰਾ ਨੂੰ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ: ਜਥੇਦਾਰ ਗੜਗੱਜ

ਬਿਊਰੋ ਰਿਪੋਰਟ (ਅੰਮ੍ਰਿਤਸਰ, 26 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਕੱਲ੍ਹ 25 ਸਤੰਬਰ ਨੂੰ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਮਨੁੱਖੀ ਅਧਿਕਾਰਾਂ ਤੇ ਕਦਰਾਂ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਜਗਤਾਰ ਸਿੰਘ ਹਵਾਰਾ ਦੀ ਉਨ੍ਹਾਂ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਮੁਲਾਕਾਤ ਕਰਵਾਉਣ ਲਈ ਉਨ੍ਹਾਂ ਨੂੰ ਵਕਤੀ ਜ਼ਮਾਨਤ ਦੇਵੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਮਾਂ ਦੇ ਬੱਚੇ ਉਸ ਦੀਆਂ ਆਂਦਰਾਂ ਵਾਂਗ ਹੁੰਦੇ ਹਨ ਅਤੇ ਜੇਕਰ ਬੱਚਿਆਂ ਨੂੰ ਕੋਈ ਪੀੜਾ ਹੋਵੇ ਤਾਂ ਮਾਂ ਨੂੰ ਸਭ ਤੋਂ ਵੱਧ ਦੁੱਖ ਪੁੱਜਦਾ ਹੈ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਉਨ੍ਹਾਂ ਦੇ ਮਾਤਾ ਬੀਬੀ ਨਰਿੰਦਰ ਕੌਰ ਜੀ ਦੀ ਸਿਹਤ ਕਾਫ਼ੀ ਢਿੱਲੀ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੇ ਪਰਿਵਾਰ ਅਨੁਸਾਰ ਮਾਤਾ ਜੀ ਦੀ ਯਾਦ ਸ਼ਕਤੀ ਕਾਫ਼ੀ ਕਮਜ਼ੋਰ ਪੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੇਲੇ ਇਹ ਅਤਿ ਜ਼ਰੂਰੀ ਹੈ ਕਿ ਸਰਕਾਰ ਨਿਆਂਪੂਰਨ ਪਹੁੰਚ ਅਪਣਾ ਕੇ ਲੰਮੇ ਸਮੇਂ ਤੋਂ ਇੱਕ ਦੂਜੇ ਨਾਲ ਮੁਲਾਕਾਤ ਲੋਚਦੇ ਬੀਬੀ ਨਰਿੰਦਰ ਕੌਰ ਤੇ ਉਨ੍ਹਾਂ ਦੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਦੀ ਮੁਲਾਕਾਤ ਕਰਵਾਏ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਹਵਾਰਾ ਦੇ ਪਰਿਵਾਰ ਵੱਲੋਂ ਭਾਰਤ ਸਰਕਾਰ ਪਾਸ ਉਨ੍ਹਾਂ ਦੇ ਵਕਤੀ ਜ਼ਮਾਨਤ ਲਈ ਜੋ ਵੀ ਅਰਜ਼ੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖੀ ਅਧਿਕਾਰਾਂ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰਾ ਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਅਜ਼ਾਦੀ ਲਈ ਸ਼ਹਾਦਤ ਦਿੱਤੀ, ਉਨ੍ਹਾਂ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਮਨਾ ਰਿਹਾ ਹੈ ਤਾਂ ਅਜਿਹੇ ਸਮੇਂ ਉਨ੍ਹਾਂ ਦੇ ਸਿੱਖਾਂ ਦੇ ਹੱਕ ਹਕੂਕ ਸੁਰੱਖਿਅਤ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਉੱਤੇ ਗੌਰ ਕਰਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਵਕਤੀ ਤੌਰ ਉੱਤੇ ਜ਼ਮਾਨਤ ਦੇਣੀ ਚਾਹੀਦੀ ਹੈ।

ਤਵਾਰੀਖ ਵਿੱਚੋਂ ਉਦਾਹਰਨ ਦਿੰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ ਲੈ ਗਏ ਸਨ, ਪਰ ਅੰਗਰੇਜ਼ਾਂ ਨੇ ਵੀ ਕੁਝ ਸਾਲਾਂ ਬਾਅਦ ਮਹਾਰਾਣੀ ਜਿੰਦ ਕੌਰ ਅਤੇ ਮਹਾਰਾਜਾ ਦਲੀਪ ਸਿੰਘ ਦਾ ਮਿਲਾਪ ਪਹਿਲਾਂ ਕਲਕੱਤਾ ਵਿਖੇ ਕਰਵਾਇਆ ਅਤੇ ਉਹ ਬਾਅਦ ਵਿੱਚ ਲੰਡਨ ਜਾ ਕੇ ਵੀ ਨਾਲ ਰਹੇ। ਉਨ੍ਹਾਂ ਕਿਹਾ ਕਿ ਅੰਗ੍ਰੇਜ਼ ਹਕੂਮਤ, ਜਿਸ ਨੂੰ ਅਸੀਂ ਬਾਹਰੋਂ ਆ ਕੇ ਇੱਥੇ ਰਾਜ ਕਰਨ ਵਾਲੀ ਕਹਿੰਦੇ ਹਾਂ, ਉਹ ਵੀ ਮਨੁੱਖੀ ਕਦਰਾਂ ਕੀਮਤਾਂ ਨੂੰ ਸਮਝਦੀ ਸੀ, ਤਾਂ ਹੀ ਉਨ੍ਹਾਂ ਨੇ ਮਾਂ ਤੇ ਪੁੱਤਰ ਦਾ ਮਿਲਾਪ ਕਰਵਾਇਆ ਸੀ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਆਪਣੇ ਮਨੁੱਖੀ ਅਧਿਕਾਰ ਦੇ ਤਹਿਤ ਮਾਤਾ ਨਰਿੰਦਰ ਕੌਰ ਜੀ ਆਪਣੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲਣਾ ਚਾਹੁੰਦੇ ਹਨ ਤਾਂ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਸ ਮੰਗ ਉੱਤੇ ਗੌਰ ਕਰੇ ਤੇ ਦੋਵਾਂ ਦਾ ਮਿਲਾਪ ਜਲਦ ਹੀ ਕਰਵਾਏ।