ਬਿਉਰੋ ਰਿਪੋਰਟ: ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿੱਚ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ਵਿੱਚ ਪੂਰਾ ਕਰੇਗੀ।
ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ’ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫ਼ਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਤੋਂ ਇਲਾਵਾ ਇੱਕ ਵਾਰ ’ਚ ਕਰੀਬ 750 ਯਾਤਰੀ ਇਸ ਟਰੇਨ ’ਚ ਸਫ਼ਰ ਕਰ ਸਕਣਗੇ। ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁੱਲ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਜ਼ਮੀਨ ਐਕਵਾਇਰ ਹੋਵੇਗੀ
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਕੁੱਲ 186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ। ਇਸ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਸ਼ਾਮਲ ਹਨ।
ਨਵੀਂ ਰੇਲਵੇ ਲਾਈਨ ਦੇ ਦਾਇਰੇ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨਾਲ IIMR ਏਜੰਸੀ ਦੀ ਤਰਫੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਦਿੱਤਾ ਜਾਵੇਗਾ। ਇਸ ਸਬੰਧੀ ਕੇਂਦਰੀ ਅਤੇ ਰੇਲਵੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਸਰਵੇਖਣ ਕੀਤਾ ਜਾ ਰਿਹਾ ਹੈ।