‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਦੀ ਜ਼ਿਲ੍ਹਾਂ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਮਾਣਹਾਨੀ ਦੇ ਮੁਕੱਦਮੇ ਵਿੱਚ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ ਜੇਕਰ ਫਿਰ ਵੀ ਸੁਖਬੀਰ ਬਾਦਲ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ 2017 ਵਿੱਚ ਅਖੰਡ ਕੀਰਤਨੀ ਜਥੇ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਮਾਨਹਾਨੀ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਥੇ ਦੇ ਬੁਲਾਰੇ ਰਜਿੰਦਰ ਸਿੰਘ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਹੋਈ ਸੀ ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਰਜਿੰਦਰ ਦਾ ਸਬੰਧ ਦਹਿਸ਼ਤਗਰਦੀ ਜਥੇਬੰਦੀ ਨਾਲ ਹੈ ਜਿਸ ਤੋਂ ਬਾਅਦ ਰਜਿੰਦਰ ਪਾਲ ਸਿੰਘ ਨੇ ਸੁਖਬੀਰ ਬਾਦਲ ਖ਼ਿਲਾਫ਼ ਮਾਨਹਾਨੀ ਦਾ ਕੇਸ ਕੀਤਾ ਸੀ, ਇਸ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ 3 ਵਾਰ ਅਦਾਲਤ ਨੇ ਸੰਮਨ ਜਾਰੀ ਕੀਤਾ ਸੀ, ਪਰ ਸੁਖਬੀਰ ਬਾਦਲ ਪੇਸ਼ ਨਹੀਂ ਹੋਏ, ਹੁਣ ਅਦਾਲਤ ਨੇ ਸਖ਼ਤ ਰੁੱਖ ਅਖ਼ਤਿਆਰ ਕਰਦੇ ਹੋਏ ਸੁਖਬੀਰ ਬਾਦਲ ਖਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ।