Punjab

ਰਾਜ ਸਭਾ ਪਹੁੰਚੀ ਚੰਡੀਗੜ੍ਹ ਦੀ ਲੜਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਮਾਮਲੇ ਨੂੰ ਲੈ ਕੇ ਸਥਿਤੀ ਹੋਰ ਪੇਚੀਦਾ ਹੁੰਦੀ ਜਾ ਰਹੀ ਹੈ। ਅੱਜ ਰਾਜ ਸਭਾ ਵਿੱਚ ਵੀ ਚੰਡੀਗੜ੍ਹ ਮਸਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਅੱਜ ਜਦੋਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਲੇ ਮਤੇ ’ਤੇ ਚਰਚਾ ਕਰਨ ਦੀ ਮੰਗ ਕੀਤੀ ਤਾਂ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਇਸਨੂੰ ਸਿਫ਼ਰ ਕਾਲ ਦੌਰਾਨ ਨਕਾਰ ਦਿੱਤਾ। ਇਸ ਦੇ ਨਾਲ ਹੀ ਰਾਜ ਸਭਾ ਦੁਪਹਿਰ ਦੋ ਵਜੇ ਮੁਲਤਵੀ ਕਰ ਦਿੱਤੀ ਗਈ। ਹਾਲਾਂਕਿ, ਵਿਰੋਧੀ ਧਿਰਾਂ ਵੱਲੋਂ ਚਰਚਾ ਨਾ ਕਰਨ ‘ਤੇ ਵਿਰੋਧ ਕੀਤਾ ਗਿਆ।

ਉੱਧਰ ਚੰਡੀਗੜ੍ਹ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵੀ ਤਕਰਾਰ ਵੱਧਦਾ ਜਾ ਰਿਹਾ ਹੈ। ਹਰਿਆਣਾ ਨੇ ਚੰਡੀਗੜ੍ਹ ਮਾਮਲੇ ਉੱਤੇ ਕੱਲ੍ਹ ਸਵੇਰੇ 11 ਵਜੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਨੂੰ ਲੈ ਕੇ ਇੱਕ ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ ਕਿ ਚੰਡੀਗੜ੍ਹ ਪੂਰੀ ਤਰ੍ਹਾਂ ਪੰਜਾਬ ਨੂੰ ਦਿੱਤਾ ਜਾਵੇ।

ਦਰਅਸਲ, ਕੁੱਝ ਦਿਨ ਪਹਿਲਾਂ ਚੰਡੀਗੜ੍ਹ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਕੰਮ ਕਰਦੇ ਮੁਲਾਜ਼ਮਾਂ ‘ਤੇ ਕੇਂਦਰੀ ਸੇਵਾ ਨਿਯਮਾਂ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਸੈਸ਼ਨ ਬੁਲਾ ਕੇ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਪਾਸ ਕੀਤਾ ਹੈ। ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਹੈ।