‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਨੰਤਨਾਗ ਇਲਾਕੇ ਵਿੱਚ ਅੱਤ ਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਸ਼ਹੀਦ ਹੋਏ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਚੰਨੀ ਨੇ ਜਸਵੀਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ ‘ਤੇ ਲਾਉਂਦਿਆਂ ਸ਼ਹੀਦ ਵੱਲੋਂ ਦਿਖਾਈ ਗਈ ਸਮਰਪਿਤ ਭਾਵਨਾ, ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਅਤੇ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂ ਪੂੰਈਂ ਦਾ ਰਹਿਣ ਵਾਲਾ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਇੱਕ ਭੈਣ ਛੱਡ ਗਿਆ ਹੈ।
