Punjab

ਚੰਨੀ ਨੇ ਨਰਸਾਂ ਦੇ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਵਿੱਚ ਹੜਤਾਲ ’ਤੇ ਬੈਠੀਆਂ ਨਰਸਾਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਦੇ ਸੰਤੁਸ਼ਟੀਜਨਕ ਸਕਾਰਾਤਮਕ ਹੱਲ ਕੱਢਣ ਲਈ ਨਿਰਦੇਸ਼ ਦੇ ਦਿੱਤੇ ਹਨ। ਪੰਜਾਬ ਐਂਡ ਯੂ.ਟੀ. ਨਰਸਿੰਗ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਮੁੱਖ ਮੰਤਰੀ ਚੰਨੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਵਫ਼ਦ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਜਲਦ ਹੱਲ ਲਈ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਕਿਉਂਕਿ ਉਨ੍ਹਾਂ ਦੀ ਸਰਕਾਰ ਦੇ ਦਰਵਾਜ਼ੇ ਆਪਸੀ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਤੰਦਰੁਸਤੀ ਸੂਬਾ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ।