‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਹੀ ਸਰਕਾਰ ਨੂੰ ਤਲਖ ਤੇਵਰ ਦਿਖਾਉਂਦਿਆਂ ਕਿਹਾ ਕਿ ਜੇ ਸੱਤਾ ਵਿੱਚ ਰਹਿਣਾ ਹੈ ਤਾਂ ਦਰਜਾ ਚਾਰ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੋਵੇਗਾ। ਦਰਜਾ ਚਾਰ ਵਿੱਚ ਭਾਵੇਂ ਕੋਈ ਸਫਾਈ ਕਰਮੀ, ਡਰਾਈਵਰ ਜਾਂ ਟੈਕਨੀਸ਼ਨ ਹੈ, ਸਰਕਾਰ ਨੂੰ ਉਨ੍ਹਾਂ ਨੂੰ ਪੱਕਾ ਕਰਨਾ ਹੋਵੇਗਾ। ਚੰਨੀ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ 2022 ਦੀਆਂ ਚੋਣਾਂ ਵਿੱਚ ਸਰਕਾਰ ਨੂੰ ਇਸਦਾ ਨੁਕਸਾਨ ਝੱਲਣਾ ਪਵੇਗਾ। ਚੰਨੀ ਨੇ ਕਿਹਾ ਕਿ ਸਰਕਾਰ ਦਰਜਾ ਚਾਰ ਮੁਲਾਜ਼ਮਾਂ ਦੀਆਂ ਪੋਸਟਾਂ ਖਤਮ ਕਰਨਾ ਚਾਹੁੰਦੀ ਹੈ। ਮੈਂ ਸਰਕਾਰ ਦੇ ਇਸ ਫੈਸਲੇ ਦੇ ਸਖਤ ਖਿਲਾਫ ਹਾਂ। ਉਨ੍ਹਾਂ ਕਿਹਾ ਕਿ ਉਹ ਦਰਜਾ ਚਾਰ ਮੁਲਾਜ਼ਮਾਂ ਦੀ ਆਵਾਜ਼ ਹਮੇਸ਼ਾ ਚੁੱਕਦੇ ਰਹਿਣਗੇ ਭਾਵੇਂ ਉਨ੍ਹਾਂ ਨੂੰ ਕੋਈ ਵੀ ਨੁਕਸਾਨ ਝੱਲਣਾ ਪਵੇ, ਉਹ ਉਸਦੇ ਲਈ ਤਿਆਰ ਹਨ।