The Khalas Tv Blog Lok Sabha Election 2024 ਚੋਣ ਜ਼ਾਬਤੇ ਦੀ ਉਲੰਘਣਾ ਲਈ ਅਕਾਲੀ ਦਲ ਅਤੇ ‘ਆਪ’ ਨੂੰ ਚੇਤਾਵਨੀ ਜਾਰੀ
Lok Sabha Election 2024 Punjab

ਚੋਣ ਜ਼ਾਬਤੇ ਦੀ ਉਲੰਘਣਾ ਲਈ ਅਕਾਲੀ ਦਲ ਅਤੇ ‘ਆਪ’ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ (Lok Sabha Elections 2024) ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਿਆਸੀ ਪਾਰਟੀਆਂ ਨੂੰ ਕੁਝ ਨਿਯਮਾਂ ਦਾ ਧਿਆਨ ਰੱਖਣਾ ਹੁੰਦਾ ਹੈ, ਪਰ ਕਈ ਵਾਰੀ ਪਾਰਟੀਆਂ ਨਿਯਮਾਂ ਨੂੰ ਦਰਕਿਨਾਰ ਕਰ ਦਿੰਦੀਆਂ ਹਨ।

ਇਸੇ ਤਹਿਤ ਅਲੱਗ-ਅਲੱਗ ਮਾਮਲਿਆਂ ’ਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖ਼ਿਲਾਫ਼ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿੱਚ ਇਹ ਵੀਡਿਓ ਹਟਾ ਲਈ ਸੀ।

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿੱਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਕੀਤੀ ਗਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ ਤੇ ਮੁਹਿੰਮਾਂ ਵਿੱਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ।

ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਿਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਇਸ ਦੀ ਰਿਪੋਰਟ ਭੇਜੀ ਸੀ।

ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰਨ ਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ।

Exit mobile version