ਫਤਹਿਗੜ੍ਹ ਸਾਹਿਬ -ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ , ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
CM ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹਾਜ਼ਰ ਸਨ। CM ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਸਣੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੀਤਾ ਪ੍ਰਣਾਮ।
ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਦੇਖਣ ਨੂੰ ਮਿਲਦੀ। ਅੱਜ ਵੀ ਜਦੋਂ ਇਤਿਹਾਸ ਬਿਆਨ ਕੀਤਾ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਸੰਗਤਾਂ ਦੀ ਭਾਰੀ ਆਮਦ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਤੇ ਪ੍ਰਸਾਰਨ ਨੇ ਇਤਿਹਾਸਕ ਗੁਰਦੁਆਰਾ ਲਈ ਜਾਂਦੇ ਸਾਰੇ ਰਸਤਿਆਂ ਤੇ ਵਹੀਕਲਾਂ ਤੇ ਰੋਕ ਲਗਾ ਦਿੱਤੀ ਹੈ ਅਤੇ ਸਿਰਫ਼ ਲੰਗਰਾਂ, ਡਿਊਟੀ ਪਾਸ, ਪੁਲਿਸ ਗੱਡੀਆਂ ਆਦਿ ਲਈ ਆਗਿਆ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਫ਼ਰੀ ਬੱਸ ਸੇਵਾ ਦਾ ਪ੍ਰਬੰਧ ਕੀਤਾ ਹੈ ਨਾਲ ਹੀ ਲੋਕਾਂ ਦੀ ਸਹੂਲਤ ਲਈ ਫ਼ਰੀ ਪਾਰਕਿੰਗ ਲਈ ਪ੍ਰਬੰਧ ਕੀਤਾ ਗਿਆ ਹੈ।
ਦੱਸ ਦੇਈਏ ਕਿ 26 ਤੋਂ 28ਦਸੰਬਰ ਤੱਕ ਧਾਰਮਿਕ ਸਮਾਗਮ ਕੀਤੇ ਜਾਣਗੇ ਅਤੇ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 9 ਵੱਜੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜੋ ਵੱਖ ਵੱਖ ਗੁਰਦੁਆਰਾ ਤੋਂ ਹੁੰਦਾ ਹੋਇਆ ਸ਼੍ਰੀ ਜੋਤੀ ਸਰੂਪ ਗੁਰਦੁਆਰਾ ਸਾਹਿਬ ਸਮਾਪਤ ਹੋਵੇਗਾ।