Punjab Religion

ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ ਮੁੱਖ ਮੰਤਰੀ ਭਗਵੰਤ ਮਾਨ : ਸੁਖਬੀਰ ਬਾਦਲ

Chief Minister Bhagwant Mann to apologize by appearing on the Akal Takht: Sukhbir Badal

ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਅਲਟੀਮੇਟਮ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ( CM Bhagwant Singh Mann )ਵੱਲੋਂ ਮੁੜਵਾਂ ਜੁਆਬ ਦੇਣ ਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Badal  ) ਨੇ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਅਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।

ਆਪਣੇ ਫੇਸਬੁੰਕ ਪੇਜ਼ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ‘ਮੈਨੂੰ ਯਕੀਨ ਨਹੀਂ ਆ ਰਿਹਾ ਕਿ ਇੱਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾਂ ਅੰਨ੍ਹਾ ਹੋ ਗਿਆ ਹੈ ਕਿ ਦਿੱਲੀ ਬੈਠੀ ਸਿੱਖ ਵਿਰੋਧੀ ਲਾਬੀ ਦੀ ਸ਼ਹਿ ਅਤੇ ਬੇਗਾਨਿਆਂ ਦੀ ਚੁੱਕ ਵਿੱਚ ਆਕੇ ਉਹ ਗੁਰੂ ਘਰ ਨਾਲ ਹੀ ਮੱਥਾ ਲਾਉਣ ਦੀ ਹਿਮਾਕਤ ਕਰ ਬੈਠਾ ਹੈ। ਇਸ ਦਾ ਹਸ਼ਰ ਵੀ ਉਹੀ ਹੋਵੇਗਾ ਜੋ ਸਿੱਖ ਇਤਿਹਾਸ ਵਿੱਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ। ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਆਪਣੀ ਇਸ ਮੂਰਖਾਨਾ ਧਾਰਮਿਕ ਅਵੱਗਿਆ ਦੇ ਪਸ਼ਚਾਤਾਪ ਵੱਜੋਂ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲਵੇ।’

ਦੱਸ ਦਈਏ ਕਿ ਲੰਘੇ ਕੱਲ੍ਹ ਜਥੇਦਾਰ ਸ਼੍ਰੀ ਅਕਾਲ ਤਖਤ ਵੱਲੋਂ ਸਿੱਖਾਂ ਦੀ ਰਿਹਾਈ ਦੇ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਵਿਚਾਲੇ ਸਿੱਧਾ ਟਕਰਾਅ ਹੋ ਗਿਆ ਹੈ । ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਤਿੱਖੇ ਸਵਾਲ ਚੁੱਕੇ ਤਾਂ ਜਥੇਦਾਰ ਸਾਹਿਬ ਨੇ ਜਵਾਬ ਦੇਣ ਵਿੱਚ ਜ਼ਿਆਦਾ ਦੇਰ ਨਹੀਂ ਕੀਤੀ। ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ’। ਇਸ ਦਾ ਜਵਾਬ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਸੇ ਅੰਦਾਜ਼ ਵਿੱਚ ਦਿੱਤੀ ।

ਇਸਦੇ ਜਵਾਬ ਵਿੱਚ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨਮਾਇਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ, ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ । ਤੁਸੀਂ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਿਕ ਲੋਕ ਵਰਤ ਜਾਂਦੇ ਹਨ । ਪਰ ਮੈਂ ਇਸ ਪੱਖੋ ਪੂਰੀ ਤਰ੍ਹਾਂ ਨਾਲ ਸੁਚੇਤ ਹਾਂ, ਪੁਰ ਤੁਸੀਂ ਧਿਆਨ ਰੱਖੋ ਆਪਣੀ ਸਿਆਸੀ ਰੋਟਿਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ । ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ,ਵਾਹਿਗੁਰੂ ਭਲੀ ਕਰੇ ।