Punjab

ਮੁੱਖ ਮੰਤਰੀ ਵੱਲੋਂ 14 ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਦਾ ਉਦਘਾਟਨ, ਬੱਚੀ ਨੇ ਮੁੱਖ ਮੰਤਰੀ ਨੂੰ ਬੰਨ੍ਹੀ ਰੱਖੜੀ

ਈਸੜੂ (ਲੁਧਿਆਣਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।

ਉਦਘਾਟਨੀ ਸਮਾਰੋਹ ਦੌਰਾਨ ਇੱਕ ਲੜਕੀ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ, ਜੋ ਸਰਕਾਰ ਅਤੇ ਲੋਕਾਂ ਦਰਮਿਆਨ ਮਜ਼ਬੂਤ ਰਿਸ਼ਤੇ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਜੋਸ਼ ਨਾਲ ਕੰਮ ਕਰਨ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਦੇ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ।

ਸੀਐਮ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲੱਬਧ ਹੋਣਗੀਆਂ, ਜੋ ਸਿੱਖਣ ਲਈ ਅਨੁਕੂਲ ਤਜਰਬਾ ਪ੍ਰਦਾਨ ਕਰਨਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਵੱਡੀ ਜਾਇਦਾਦ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਵਰਦਾਨ ਸਿੱਧ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਅਤੇ ਇਹ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੇ ਹੁਨਰ ਤੇ ਕਾਬਲੀਅਤ ਨੂੰ ਸਾਬਤ ਕਰਨ ਲਈ ਹੀਰੇ ਪੈਦਾ ਕਰਨਗੀਆਂ।