Punjab

ਮੁੱਖ ਮੰਤਰੀ ਮਾਨ ਨੇ ਪਿੰਡਾਂ ਦੀਆਂ ਲਿੰਕ ਸੜਕਾਂ ਚੌੜੀਆਂ ਕਰਨ ਦੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਅੱਜ ਅਧਿਕਾਰੀਆਂ ਨੂੰ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ  ਦੀ ਮੁਰੰਮਤ ਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ ਜਲਦ ਪੂਰਨ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ…ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ…।

ਦੱਸ ਦਈਏ ਕਿ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤੇ ਸੀ ਕਿ ਮਾਲਵੇ ਖਿੱਤੇ ’ਚੋਂ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਨੇ ਖਾਸ ਯੋਜਨਾ ਬਣਾਉਣ ਦਾ ਐਲਾਨ ਕੀਤਾ। ਵੀਰਵਾਰ ਨੂੰ ਮਲੋਟ, ਫਾਜ਼ਿਲਕਾ ਤੇ ਲੰਬੀ ਦੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਫ਼ਸਲਾਂ ਦੇ ਖਰਾਬੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੱਪੇ-ਚੱਪੇ ਦੀ ਗਿਰਦਾਵਰੀ ਕਰਨ ਦੀ ਹਦਾਇਤ ਵੀ ਕੀਤੀ।

ਇਸ ਦੌਰਾਨ ਹੀ ਉਨ੍ਹਾਂ ਮਾਲਵੇ ਖਿੱਤੇ ’ਚੋਂ ਸੇਮ ਦੀ ਸਮੱਸਿਆ ਹੱਲ ਕਰਨ ਲਈ ਯੋਜਨਾ ਬਣਾਉਣ ਦਾ ਐਲਾਨ ਕੀਤਾ। ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਸੇਮ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦਾ ਹੱਲ ਯਕੀਨੀ ਬਣਾਉਣ ਲਈ ਯੋਜਨਾ ਤਿਆਰ ਕਰਨ ਦੀ ਹਦਾਇਤ ਕੀਤੀ ਹੈ।