‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਨੂੰ ਲੈ ਕੇ ਰਾਜਨੀਤਿਕ ਮਾਹੌਲ ਗਰਮਾ ਗਿਆ ਹੈ। ਭਾਜਪਾ ਨੇਤਾ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ ਨੇ ਇਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਢੇਸੀ ਦਾ ਸਟੈਂਡ ਹਮੇਸ਼ਾ ਭਾਰਤ ਵਿਰੋਧੀ ਰਿਹਾ ਹੈ। ਉਹ ਵੱਖਵਾਦੀਆਂ ਦਾ ਸਮਰਥਕ ਰਿਹਾ ਹੈ। ਤਾਂ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਕਿਉਂ ਮੁਲਾਕਾਤ ਕੀਤੀ ਅਤੇ ਉਸ ਨਾਲ ਕੀ ਗੱਲਬਾਤ ਹੋਈ, ਉਸ ਦੇ ਵੇਰਵੇ ਜਨਤਕ ਕੀਤੇ ਜਾਣੇ ਚਾਹੀਦੇ ਹਨ।
ਹਾਲਾਂਕਿ, ਆਮ ਆਦਮੀ ਪਾਰਟੀ ਨੇ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਢੇਸੀ ਪੰਜਾਬੀ ਹੋਣ ਕਰਕੇ ਮੁੱਖ ਮੰਤਰੀ ਨੂੰ ਮਿਲਣ ਦਾ ਹੱਕ ਰੱਖਦੇ ਹਨ। ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। ਸਾਬਕਾ ਫੌਜ ਮੁਖੀ ਜੇ.ਜੇ.ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਨੇ ਢੇਸੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਢੇਸੀ ਦਾ ਸਟੈਂਡ ਹਮੇਸ਼ਾ ਭਾਰਤ ਵਿਰੋਧੀ ਰਿਹਾ ਹੈ। ਇਹ ਸੱਚ ਹੈ ਕਿ ਪੰਜਾਬ ਸਰਕਾਰ ਨੂੰ ਪਰਵਾਸੀ ਭਾਰਤੀਆਂ ਲਈ ਕੰਮ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਨੇ ਵੀ ਕਈ ਕਦਮ ਚੁੱਕੇ ਹਨ। ਪਰ ਕਸ਼ਮੀਰ ਦੇ ਮੁੱਦੇ ‘ਤੇ ਲੇਬਰ ਸੰਸਦ ਮੈਂਬਰ ਢੇਸੀ ਦੇ ਵਿਚਾਰਾਂ ਨੂੰ ਹਰ ਕੋਈ ਜਾਣਦਾ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਫੈਸਲੇ ਦੀ ਆਲੋਚਨਾ ਕੀਤੀ ਸੀ।