‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਮਾਨ ਪੰਜਾਬ ਦੀ ਕਾਨੂੰਨ ਵਿਵਸਥਾ, ਮੱਕੀ ਤੇ ਬਾਸਮਤੀ ‘ਤੇ ਐਮਐਸਪੀ, ਬੀਬੀਐਮਬੀ ‘ਚ ਪੰਜਾਬ ਦੇ ਅਧਿਕਾਰੀਆਂ ਦੀ ਤਾਇਨਾਤੀ ਤੇ ਕਣਕ ‘ਚ ਬੋਨਸ ਦੀ ਮੰਗ ‘ਤੇ ਚਰਚਾ ਕਰਨਗੇ । ਇਸ ਦੌਰਾਨ ਸਭ ਤੋਂ ਅਹਿਮ ਮੁੱਦਾ ਸਰਹੱਦੀ ਸੁਰੱਖਿਆ ਦਾ ਹੋਵੇਗਾ। ਪੰਜਾਬ ਦਾ ਤਕਰੀਬਨ 600 ਕਿਲੋਮੀਟਰ ਹਿੱਸਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ ।
ਪੰਜਾਬ ਦੇ ਮੁੱਖ ਮੰਤਰੀ ਨੇ ਲੰਘੇ ਕੱਲ੍ਹ ਮੋਹਾਲੀ ਵਿੱਚ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਤੋਂ ਬਾਅਦ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧਰਨੇ ਵਾਲੀ ਥਾਂ ’ਤੇ ਪਹੁੰਚੇ । ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬਾਸਮਤੀ ’ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਗ੍ਰਹਿ ਮੰਤਰੀ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ । ਇਸ ਤੋਂ ਇਲਾਵਾ ਕਿਸਾਨ ਕਣਕ ਦੀ ਘੱਟ ਝਾੜ ਦੇ ਬਦਲੇ 500 ਰੁਪਏ ਪ੍ਰਤੀ ਏਕੜ ਬੋਨਸ ਦੀ ਮੰਗ ਕਰ ਰਹੇ ਹਨ । ਧਾਲੀਵਾਲ ਨੇ ਕਿਹਾ ਕਿ ਇਸ ‘ਤੇ ਵੀ ਮੁੱਖ ਮੰਤਰੀ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨਗੇ।