Punjab

ਮੁੱਖ ਮੰਤਰੀ ਮਾਨ ਅੱਜ ਲਾਉਣਗੇ ਜਨਤਾ ਦਰਬਾਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ‘ਚ ਜਨਤਾ ਦਰਬਾਰ ਲਾਉਣਗੇ। ਅੱਜ ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਲੋਕ ਦਰਬਾਰ ਵਿੱਚ ਜਿਥੇ ਮੌਕੇ ‘ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ਅਤੇ ਨਾਲ ਹੀ ਕਿਹਾ ਜਾ ਰਿਹਾ ਕਿ, ਮੌਕੇ ‘ਤੇ ਹੀ ਲੋਕਾਂ ਦੇ ਮ ਸਲਿਆਂ ਦਾ ਹੱਲ ਵੀ ਕੀਤਾ ਜਾਵੇਗਾ ।ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਦੇ ਮਕਸਦ ਨਾਲ ਇਹ ਪਹਿਲ ਕੀਤੀ ਜਾ ਰਹੀ ਹੈ।
ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਟਵਿਟ ਕਰਦਿਆਂ ਦਿੱਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਅੱਜ 11 ਵਜੇ ਤੋਂ ਪੰਜਾਬ ਭਵਨ ਚੰਡੀਗੜ੍ਹ ਵਿੱਚ “ ਲੋਕ ਮਿਲਣੀ “ ਤਹਿਤ ਪੰਜਾਬ ਦੇ ਲੋਕਾਂ ਨਾਲ ਸਿੱਧਾ ਰਾਬਤਾ ਹੋਵੇਗਾ ਅਤੇ ਮਸਲੇ ਸੁਣੇ ਜਾਣਗੇ…ਭਵਿੱਖ ਵਿੱਚ ਲੋਕ ਮਿਲਣੀ ਦੇ ਪ੍ਰੋਗਰਾਮ ਜਾਰੀ ਰਹਿਣਗੇ… ।

ਮਾਨ ਸਰਕਾਰ ਬਣਨ ਤੋਂ ਦੋ ਮਹੀਨੇ ਬਾਅਦ ਇਹ ਸੂਬਾ ਪੱਧਰੀ ਲੋਕ ਦਰਬਾਰ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ। ਇਹ ਪਹਿਲ ਵਿਸ਼ੇਸ਼ ਤੌਰ ‘ਤੇ ਦੋ ਮਹੀਨੇ ਪੂਰੇ ਹੋਣ ਦੇ ਮੌਕੇ ‘ਤੇ ਕੀਤੀ ਗਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਨਤਾ ਦਾ ਦਰਬਾਰ ਲਾਇਆ ਜਾਂਦਾ ਸੀ।ਉਹ ਸੰਗਤ ਦਰਸ਼ਨ ਦੇ ਨਾਂ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸਨ।