‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ 2 ਵਜੇ ਦੇ ਕਰੀਬ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੀ ਕਣਕ ਦੀ ਖਰੀਦ ਨੂੰ ਲੈ ਕੇ ਐਫਸੀਆਈ ਦੀਆਂ ਗਾਇਡਲਾਈਨਜ਼ ਤੇ ਸਮਾਰਟ ਮੀਟਰਾਂ ਨੂੰ ਲੈ ਕੇ ਚਰਚਾ ਕਰ ਸਕਦੀਆਂ ਹਨ। ਇਸ ਦੌਰਾਨ ਕਿਸਾਨਾਂ ਦਾ ਕਰਜ ਮੁਆਫ਼ੀ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ ਹੈ ।ਇਹ ਕਿਸਾਨ ਜੱਥੇਬੰਦੀਆਂ ਉਹ ਹਨ ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲਿਆ ਸੀ।
ਮੁੱਖ ਮੰਤਰੀ ਮਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 23 ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ। ਇਸ ਰਾਹੀਂ ਪਾਣੀ ਦੀ ਲੋੜ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ‘ਚ ਵੱਖ-ਵੱਖ ਸਮੇਂ ‘ਤੇ ਝੋਨੇ ਦੀ ਬਿਜਾਈ ਨੂੰ ਲੈ ਕੇ ਚਰਚਾ ਹੋਵੇਗੀ। ਇਸ ਨਾਲ ਬਿਜਲੀ ਦਾ ਲੋਡ ਨਹੀਂ ਵਧੇਗਾ ਅਤੇ ਕਿਸਾਨਾਂ ਨੂੰ ਬਿਜਾਈ ਲਈ ਲੋੜੀਂਦੀ ਬਿਜਲੀ ਵੀ ਮਿਲੇਗੀ। ਖਾਸ ਗੱਲ ਇਹ ਹੈ ਕਿ ਮਾਨ ਸਰਕਾਰ ਨੇ ਵਿਧਾਨ ਸਭਾ ਚੋਣ ਲੜ ਚੁੱਕੇ ਬਲਬੀਰ ਸਿੰਘ ਰਾਜੇਵਾਲ ਅਤੇ ਉਨ੍ਹਾਂ ਦੀ ਯੂਨੀਅਨ ਨੂੰ ਸੱਦਾ ਨਹੀਂ ਦਿੱਤਾ ਹੈ। ਰਾਜੇਵਾਲ ਅਤੇ ਉਸ ਦੇ ਸਾਥੀਆਂ ਨੂੰ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚਾ ਤੋਂ ਮੁਅੱਤਲ ਕੀਤਾ ਜਾ ਚੁੱਕਾ ਹੈ।