Punjab

ਮੁੱਖ ਮੰਤਰੀ ਦੀ ਪਤਨੀ ਅਤੇ ਮਾਤਾ ਨੇ ਡੇਰਾ ਹੰਸਾਲੀ ਵਿਖੇ ਮੱਥਾ ਟੇਕਿਆ

ਸ੍ਰੀ ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਖੇੜਾ ਹੰਸਾਲੀ ਵਿੱਚ ਨਤਮਸਤਕ ਹੋਏ।

ਮੁੱਖ ਮੰਤਰੀ ਦੇ ਪਰਿਵਾਰ ਦੀ ਇਸ ਨਿੱਜੀ ਫੇਰੀ ਮੌਕੇ ਹਲਕਾ ਫ਼ਤਹਿਗੜ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੀ ਉਨ੍ਹਾਂ ਨਾਲ ਸਨ। ਨਤਮਸਤਕ ਹੋਣ ਉਪਰੰਤ ਮਾਤਾ ਹਰਪਾਲ ਕੌਰ ਅਤੇ ਡਾ. ਗੁਰਪ੍ਰੀਤ ਕੌਰ ਨੇ ਨਿਰਮਲ ਡੇਰਾ ਹੰਸਾਲੀ ਦੇ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਤੋਂ ਵੀ ਆਸ਼ੀਰਵਾਦ ਲਿਆ।

ਇਸ ਮੌਕੇ ਮਾਤਾ ਹਰਪਾਲ ਕੌਰ, ਡਾ. ਗੁਰਪ੍ਰੀਤ ਕੌਰ ਅਤੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਅਤੇ ਰਿਸ਼ੀਆਂ-ਮੁਨੀਆਂ ਦੀ ਧਰਤੀ ਹੈ ਤੇ ਸਾਰੇ ਧਰਮ ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ। ਇਸ ਲਈ ਸਾਨੂੰ ਧਾਰਮਿਕ ਕਾਰਜਾਂ ਲਈ ਵੀ ਸਮਾਂ ਕੱਢਣਾ ਚਾਹੀਦਾ ਹੈ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਪ੍ਰਿਤਪਾਲ ਸਿੰਘ ਜੱਸੀ, ਸਾਧੂ ਰਾਮ ਭੱਟਮਾਜਰਾ ਅਤੇ ਅਵਤਾਰ ਸਿੰਘ ਹੰਸਾਲੀ ਵੀ ਮੌਜੂਦ ਸਨ