International Punjab

ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਮਾਨ ਨੇ ਲਾਈ ਮੋਹਰ,ਕਿਹਾ ਜਲਦ ਲਿਆਂਦਾ ਜਾਵੇਗਾ ਪੰਜਾਬ

ਗੁਜਰਾਤ : ਗੈਂਗਸਟਰ ਗੋਲਡੀ ਬਰਾੜ ਅਮਰੀਕਾ ਪੁਲਿਸ ਵਲੋਂ ਹਿਰਾਸਤ ਵਿੱਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮੋਹਰ ਲਗਾ ਦਿੱਤੀ ਹੈ। ਇਸ ਸਬੰਧ ਵਿੱਚ ਗੁਜਰਾਤ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਸਪੱਸ਼ਟ ਕੀਤਾ ਹੈ ਕਿ ਸਵੇਰ ਤੋਂ ਖ਼ਬਰਾਂ ਵਿੱਚ ਇਹ ਦਿਖਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ ਵਿੱਚ ਨਾਮਜ਼ਦ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ।

ਉਹਨਾਂ ਕਿਹਾ ਕਿ ਮੈਂ ਸੂਬੇ ਦਾ ਮੁਖੀ ਹੋਣ ਦੇ ਨਾਤੇ ਮੈਂ ਇਹ ਤਸਦੀਕ ਕਰਦਾ ਹਾਂ ਕਿ ਕੈਨੇਡਾ ਵਿੱਚ ਰਹਿ ਰਿਹਾ ਗੋਲਡੀ ਬਰਾੜ ਜੋ ਕਿ ਪੰਜਾਬ ਵਿੱਚ ਹੋਈਆਂ ਕਈ ਹੱਤਿਆਵਾਂ ਲਈ ਜਿੰਮੇਵਾਰ ਸੀ ਤੇ ਪੰਜਾਬ ਪੈਸੇ ਭੇਜ ਕੇ ਗੈਰ ਸਮਾਜਕ ਕਾਰਵਾਈਆਂ ਕਰਵਾ ਰਿਹਾ ਸੀ,ਨੂੰ ਅਮਰੀਕਾ ਵਿੱਚ ਡਿਟੇਨ ਕਰ ਲਿਆ ਗਿਆ ਹੈ। ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਲੀਫੋਰਨੀਆ ਪੁਲਿਸ ਵਲੋਂ ਪੰਜਾਬ ਪੁਲਿਸ ਅਤੇ ਭਾਰਤੀ ਏਜੰਸੀਆਂ ਕੋਲੋਂ ਪੁਛਿਆ ਹੈ ਕਿ ਦੱਸੋ ਬਰਾੜ ਨੂੰ ਡਿਪੋਰਟ ਕਰਨਾ ਹੈ ਜਾਂ ਫਿਰ ਇਹ ਵਾਪਸੀ ਕਰਵਾਉਣੀ ਹੈ?

ਉਹਨਾਂ ਇਹ ਵੀ ਵੀ ਦਾਅਵਾ ਕੀਤਾ ਕਿ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਹਾਲਤ ਵਿੱਚ ਵਿਗੜਨ ਨਹੀਂ ਦਿੱਤਾ ਜਾਵੇਗਾ ਤੇ ਪੰਜਾਬ ਵਿੱਚੋਂ ਗੈਂਗਸਟਰ ਵਾਦ ਨੂੰ ਜਲਦੀ ਹੀ ਖ਼ਤਮ ਕੀਤਾ ਜਾਵੇਗਾ।

ਉਹਨਾਂ ਇਹ ਵੀ ਕਿਹਾ ਹੈ ਕਿ ਉਹਨਾਂ ਦੀ ਸਰਕਾਰ ਨੇ ਗੋਲਡੀ ਬਰਾੜ ਨੂੰ ਜਲਦੀ ਪੰਜਾਬ ਲਿਆਉਣ ਲਈ ਰੈਡ਼ ਕਾਰਨਰ ਨੋਟਿਸ ਜਾਰੀ ਕਰਵਾਇਆ ਸੀ ਤੇ ਹੁਣ ਉਸ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ ਤੇ ਕਾਨੂੰਨ ਦੇ ਹਿਸਾਬ ਨਾਲ ਉਸ ‘ਤੇ ਕਾਰਵਾਈ ਹੋਵੇਗੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਅਤੇ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਏ ਜਾਣ ਦੀ ਗੱਲ ਅੱਜ ਸਵੇਰ ਦੀ ਸੁਰਖੀਆਂ ਵਿੱਚ ਸੀ।ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਦੇ ਆਧਾਰ ਤੇ ਇਹ ਦਾਅਵੇ ਕੀਤੇ ਜਾ ਰਹੇ ਸੀ ਕਿ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਮੁੱਖ ਮੰਤਰੀ ਮਾਨ ਦੇ ਇਸ ਬਿਆਨ ਨੇ ਇਹਨਾਂ ਸਾਰਿਆਂ ਖ਼ਬਰਾਂ ‘ਤੇ ਮੋਹਰ ਵੀ ਲੱਗਾ ਦਿੱਤੀ ਹੈ।

ਬਲਕੌਰ ਸਿੰਘ,ਪਿਤਾ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇ ਵਾਲਾ

ਗੋਲਡੀ ਬਰਾੜ ਦੇ ਹਿਰਾਸਤ ਵਿੱਚ ਲੈਣ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਨਿੱਜੀ ਚੈਨਲ ਉੱਤੇ ਬੋਲਦਿਆਂ ਉਨ੍ਹਾਂ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੇਰੇ ਲਈ ਬਹੁਤ ਵੱਡੀ ਗੱਲ ਹੈ। ਉਨ੍ਹਾਂ ਨੇ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਅਪੀਲ ਵੀ ਕੀਤੀ ਹੈ।

ਸਿੱਧੂ ਮੂਸੇ ਵਾਲਾ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।