The Khalas Tv Blog Punjab CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ‘ਚ ਰੇਲਾਂ ਬਹਾਲ ਕਰਨ ਦੀ ਕੀਤੀ ਅਪੀਲ
Punjab

CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ‘ਚ ਰੇਲਾਂ ਬਹਾਲ ਕਰਨ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਕੇ ਰੇਲ ਸੇਵਾਵਾਂ ਬਹਾਲ ਕਰਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਦਖਲ ਦੇਣ ਦੀ ਮੰਗ ਕੀਤੀ। ਕੈਪਟਨ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਜਲਦੀ ਹੱਲ ਲਈ ਆਸਵੰਦ ਹਨ।

ਕੈਪਟਨ ਨੇ ਦੇਸ਼ ਦੀ ਸੁਰੱਖਿਆ ਦੀ ਚਿੰਤਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜੇਕਰ ਰੇਲਵੇ ਵੱਲੋਂ ਤੁਰੰਤ ਮਾਲ ਗੱਡੀਆਂ ਚਲਾਉਣ ਦਾ ਫੈਸਲਾ ਨਾ ਕੀਤਾ ਗਿਆ ਤਾਂ ਲੱਦਾਖ ਵਿੱਚ ਰੱਖਿਆ ਬਲਾਂ ਅਤੇ ਘਾਟੀ ਵਿੱਚ ਬਰਫਬਾਰੀ ਤੋਂ ਪਹਿਲਾਂ ਜ਼ਰੂਰੀ ਸੇਵਾਵਾਂ ਨਾ ਪਹੁੰਚਣ ਕਾਰਨ ਦੇਸ਼ ਨੂੰ ਗੰਭੀਰ ਖਤਰਾ ਹੋ ਸਕਦਾ ਹੈ। ਇਸ ਮੁੱਦੇ ਉੱਤੇ ਫੈਲਾਈ ਜਾ ਰਹੀ ਗੁੰਮਰਾਹਕੁੰਨ ਜਾਣਕਾਰੀ ਦਾ ਖੰਡਨ ਕਰਦਿਆਂ ਕੈਪਟਨ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਕਿਸਾਨਾਂ ਵੱਲੋਂ ਸਾਰੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ।

ਉਨ੍ਹਾਂ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਜ਼ਮੀਨੀ ਪੱਧਰ ‘ਤੇ ਸਥਿਤੀ ਪੂਰਨ ਸ਼ਾਂਤਮਈ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਲਈ ਪੂਰੀ ਢੁੱਕਵੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨਾਂ ਦੌਰਾਨ ਪਿਛਲੇ ਕੁੱਝ ਹਫਤਿਆਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਥਾਂ ਸ਼ਾਂਤੀ ਭੰਗ ਨਹੀਂ ਕੀਤੀ।

ਕੈਪਟਨ ਨੇ ਇਸ ਗੱਲ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਰੇਲ ਸੇਵਾਵਾਂ ਦੀ ਜਲਦ ਤੋਂ ਜਲਦ ਬਹਾਲੀ ਲਈ ਕੇਂਦਰ ਤੇ ਸੂਬਾ ਸਰਕਾਰ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਯੂਨੀਅਨਾਂ ਨਾਲ ਨੇੜਿਓਂ ਜੁੜੀ ਹੋਈ ਹੈ, ਇਸ ਲਈ ਉਨ੍ਹਾਂ ਨੂੰ ਯਾਤਰੀ ਗੱਡੀਆਂ ਦੇ ਆਉਣ-ਜਾਣ ਦੀ ਆਗਿਆ ਦੇਣ ਲਈ ਨਾਕਾਬੰਦੀ ਚੁਕਾਉਣ ਲਈ ਵੀ ਪ੍ਰੇਰਿਆ ਜਾਵੇ ਤਾਂ ਜੋ ਦੀਵਾਲੀ ਦੇ ਤਿਉਹਾਰ ਮੌਕੇ ਡੇਢ ਲੱਖ ਸੈਨਿਕਾਂ ਸਮੇਤ ਹੋਰ ਪੰਜਾਬੀ ਆਪਣੇ ਘਰ ਆ ਸਕਣ।

ਇਸ ਸਬੰਧੀ ਉਨ੍ਹਾਂ ਦੇ ਕਈ ਮੰਤਰੀ ਕਿਸਾਨ ਯੂਨੀਅਨਾਂ ਨਾਲ ਨਿਰੰਤਰ ਵਿਚਾਰ ਵਟਾਂਦਰਾ ਕਰ ਰਹੇ ਹਨ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਉਠਾਉਂਦਿਆਂ ਰੇਲਵੇ ਨੂੰ ਨਿਰਦੇਸ਼ ਦੇਣੇ ਚਾਹੀਦੇ ਹਨ ਕਿ ਉਹ ਸੂਬੇ ਵਿੱਚੋਂ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕਰਵਾਉਣ ਲਈ ਕਹਿਣ।

Exit mobile version