‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਜਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨੀ ਅੰਦੋਲਨ ‘ਤੇ ਕੇਂਦਰ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਹੈ। ਕਿਸਾਨ ਇੰਨੇ ਦਿਨਾਂ ਤੋਂ ਧੁੰਦ ਅਤੇ ਠੰਡ ਦੇ ਵਿੱਚ ਦਿੱਲੀ ਦੇ ਬਾਰਡਰ ‘ਤੇ ਬੈਠਾ ਹੈ ਪਰ ਹਾਲੇ ਤੱਕ ਕੇਂਦਰ ਸਰਕਾਰ ਨੇ ਅੱਗੇ ਹੋ ਕੇ ਮੀਟਿੰਗ ਨਹੀਂ ਕੀਤੀ। ਕੇਂਦਰ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਆਏ ਕਿਸਾਨ ਬਿਨਾਂ ਲੋੜ ਤੋਂ ਨਹੀਂ ਆਏ। ਕੇਂਦਰ ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਸ਼ੋਭਾ ਨਹੀਂ ਦਿੰਦਾ।
ਸਰਕਾਰ ਨੂੰ ਕਿਸਾਨਾਂ ਦੀ ਗੱਲ ਤੁਰੰਤ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨੀਆਂ ਚਾਹੀਦੀਆਂ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਸ ਵਿੱਚ ਲੜਨ ਦੀ ਬਜਾਏ ਕੇਂਦਰ ਸਰਕਾਰ ਕੋਲ ਜਾ ਕੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਉਠਾਉਣੀ ਚਾਹੀਦੀ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਬਾਰੇ ਦੱਸਣਾ ਚਾਹੀਦਾ ਹੈ। ਇਨ੍ਹਾਂ ਨੂੰ ਰਾਜਨੀਤਿਕ ਰੋਟੀਆਂ ਸੇਕਣ ਦੀ ਜਗ੍ਹਾ ਸੰਵਿਧਾਨਿਕ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ, ਜਿਹੜੀ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਨਹੀਂ ਨਿਭਾ ਸਕੀਆਂ।