‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਗੁਰਬਾਣੀ ਕੀਰਤਨ ਦੀ ਬ੍ਰਾਡਕਾਸਟਿੰਗ ਨੂੰ ਲੈ ਕੇ ਅਪੀਲ ਕੀਤੀ ਹੈ। ਚੰਨੀ ਨੇ ਅਪੀਲ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧਾ ਪ੍ਰਸਾਰਣ ਦੇ ਅਧਿਕਾਰ ਦੇਣ ਲਈ ਨਿਰਦੇਸ਼ ਦੇਣ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ‘ਤੇ ਪੱਤਰ ਸੌਂਪਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਸ ਤਰ੍ਹਾਂ ਸਿੱਖ ਸੰਗਤਾਂ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਪਵਿੱਤਰ ਅਸਥਾਨਾਂ ਦੇ ‘ਖੁੱਲ੍ਹੇ ਦਰਸ਼ਨ ਦੀਦਾਰ’ ਲਈ ਲੰਮੇ ਸਮੇਂ ਤੋਂ ਤਰਸਦੀਆਂ ਆ ਰਹੀਆਂ ਸਨ, ਉਸੇ ਤਰ੍ਹਾਂ ਸਿੱਖ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 24 ਘੰਟੇ ਗੁਰਬਾਣੀ ਕੀਰਤਨ ਦੇ ਖੁੱਲ੍ਹੇ ਪ੍ਰਸਾਰਣ ਦੀ ਸਦਾ ਹੀ ਡੂੰਘੀ ਇੱਛਾ ਪਾਲੀ ਹੋਈ ਹੈ।
ਚੰਨੀ ਨੇ ਜਥੇਦਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਕਤ ਮੰਤਵ ਲਈ ਲੋੜੀਂਦੇ ਬੁਨਿਆਦੀ ਢਾਂਚੇ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ। ਚੰਨੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਧੂਰੇ ਫੰਡਾਂ ਦੇ ਬਦਲੇ ਇੱਕ ਪਰਿਵਾਰ ਦੀ ਮਲਕੀਅਤ ਵਾਲੇ ਇੱਕ ਵਿਸ਼ੇਸ਼ ਪੰਜਾਬੀ ਚੈਨਲ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਹਨ, ਜੋ ਕਿ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਫੈਸਲੇ ਨਾਲ ਇੱਕ ਚੈਨਲ ਨੂੰ ਟੈਲੀਕਾਸਟ ਦੇ ਅਧਿਕਾਰ ਦੇ ਕੇ ਗੁਰਬਾਣੀ ਕੀਰਤਨ ਨੂੰ ਦੂਰ-ਦੂਰ ਤੱਕ ਹਰ ਘਰ ਵਿੱਚ ਪਹੁੰਚਾਉਣ ਦੇ ਰਾਹ ਵਿੱਚ ਰੋੜਾ ਬਣ ਗਿਆ ਹੈ।
ਚੰਨੀ ਨੇ ਜਥੇਦਾਰ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੀ 1996 ਅਤੇ 2004 ਦੀਆਂ ਸ਼੍ਰੋਮਣੀ ਕਮੇਟੀ ਚੋਣਾਂ ਦੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਿੱਖ ਸੰਗਤਾਂ ਨਾਲ ਵਾਅਦਾ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ 24 ਘੰਟੇ ਲਾਈਵ ਪ੍ਰਸਾਰਣ ਲਈ ਆਪਣਾ ਚੈਨਲ ਬਣਾਏਗੀ। ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਅਤਿ ਗੰਭੀਰ ਅਤੇ ਅਹਿਮ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੂੰ ਜਲਦੀ ਤੋਂ ਜਲਦੀ ਜ਼ਰੂਰੀ ਨਿਰਦੇਸ਼ ਜਾਰੀ ਕਰਨ।