The Khalas Tv Blog India CM ਮਾਨ ਵੱਲੋਂ ਕਰਤਾਰਪੁਰ ਲਾਂਘਾ ਖੋਲ਼੍ਹਣ ਦੀ ਮੰਗ
India Punjab Religion

CM ਮਾਨ ਵੱਲੋਂ ਕਰਤਾਰਪੁਰ ਲਾਂਘਾ ਖੋਲ਼੍ਹਣ ਦੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ, ਤਾਂ ਜੋ ਸ਼ਰਧਾਲੂ ਗੁਰਧਾਮ ਦੇ ਦਰਸ਼ਨ ਕਰ ਸਕਣ।

ਮਾਨ ਨੇ ਕਿਹਾ ਕਿ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਹਰ ਰੋਜ਼ ਅਰਦਾਸ ਕਰਦੀ ਹੈ ਕਿ ਉਨ੍ਹਾਂ ਨੂੰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਬਖ਼ਸ਼ੇ ਜਾਣ। ਉਨ੍ਹਾਂ ਯਾਦ ਦਿਵਾਇਆ ਕਿ ਸੰਗਤਾਂ ਦੀ ਇਸੇ ਡੂੰਘੀ ਆਸ ਅਤੇ ਭਾਵਨਾ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਸਬੰਧੀ ਇੱਕ ਮਤਾ ਪਾਸ ਕੀਤਾ ਗਿਆ ਸੀ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਉਮੀਦ ਜਤਾਈ ਕਿ ਉਹ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਜਲਦ ਕਰਨਗੇ। ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨਾਲ ਭਾਰਤ ਦੀਆਂ ਸੰਗਤਾਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਦੀ ਸਹੂਲਤ ਮਿਲਦੀ ਹੈ। ਲਾਂਘਾ ਮੁੜ ਖੋਲ੍ਹਣ ਦੀ ਮੰਗ ਲੰਮੇ ਸਮੇਂ ਤੋਂ ਸਿੱਖ ਸੰਗਤ ਵੱਲੋਂ ਚੁੱਕੀ ਜਾ ਰਹੀ ਹੈ।

ਕਰਤਾਰਪੁਰ ਲਾਂਘਾ 7 ਮਈ 2025 ਤੋਂ ਬੰਦ

ਜ਼ਿਕਰਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ 7 ਮਈ 2025 ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਮੁਅੱਤਲ ਕਰ ਦਿੱਤੀ ਗਈ ਸੀ। ਇਸ ਕਾਰਨ ਸੰਗਤਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਸਿੱਧੇ ਦਰਸ਼ਨ ਨਹੀਂ ਕਰ ਪਾ ਰਹੀਆਂ ਹਨ।

 

Exit mobile version