ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਅਗਨੀਵੀਰ ਅਜੈ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਸੀ ਐੱਮ ਮਾਨ ਨੇ ਸ਼ਹੀਦ ਦੇ ਪਰਿਵਾਰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਸੌਂਪਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਇਸ ਦੀ ਪੂਰਤੀ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸ਼ਹੀਦ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ ਹੈ। ਪਰਿਵਾਰ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਸਾਡਾ ਫ਼ਰਜ਼ ਹੈ।
ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ…ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵੱਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ…ਸਕੂਲ ਦਾ ਨਾਮ ਸ਼ਹੀਦ ਦੇ ਨਾਮ 'ਤੇ ਹੋਵੇਗਾ ਨਾਲ ਹੀ ਪਿੰਡ 'ਚ ਸਟੇਡੀਅਮ ਬਣਾਇਆ ਜਾਵੇਗਾ…ਪਰਿਵਾਰ ਦੇ ਇੱਕ ਮੈਂਬਰ ਨੂੰ… pic.twitter.com/R2vxKnHnRb
— Bhagwant Mann (@BhagwantMann) January 25, 2024
ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਮਾਨ ਨੇ ਕਿਹਾ ਕਿ ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵੱਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਸਕੂਲ ਦਾ ਨਾਮ ਸ਼ਹੀਦ ਦੇ ਨਾਮ ‘ਤੇ ਹੋਵੇਗਾ ਨਾਲ ਹੀ ਪਿੰਡ ‘ਚ ਸਟੇਡੀਅਮ ਬਣਾਇਆ ਜਾਵੇਗਾ। ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਸਾਡੀ ਸਰਕਾਰ ਪੰਜਾਬ ਦੇ ਮਾਣਮੱਤੇ ਸ਼ਹੀਦ ਜਵਾਨਾਂ ਨਾਲ ਕੋਈ ਵਿਤਕਰਾ ਨਹੀਂ ਕਰੇਗੀ। ਉਹਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕਰਨਾ ਸਰਕਾਰਾਂ ਦਾ ਨੈਤਿਕ ਫ਼ਰਜ਼ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਨਾਲ ਸਬੰਧਿਤ ਨਹੀਂ ਹੁੰਦੇ ਸਗੋਂ ਸਮੁੱਚੇ ਭਾਈਚਾਰੇ ਨਾਲ ਸਬੰਧਿਤ ਹੁੰਦੇ ਹਨ। ਸ਼ਹਾਦਤ ਵਿੱਚ ਕੋਈ ਸ਼੍ਰੇਣੀ ਨਹੀਂ ਹੋਣੀ ਚਾਹੀਦੀ। ਸ਼ਹੀਦ ਤਾਂ ਸ਼ਹੀਦ ਹੁੰਦਾ ਹੈ। ਇਸ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ, ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਇੱਕ ਬਹੁਤ ਹੀ ਗ਼ਰੀਬ ਪਰਿਵਾਰ ਵਿੱਚ ਸਖ਼ਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫ਼ੌਜ ਵਿੱਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ। ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।