Punjab

ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਦੇ ਲਈ CM ਮਾਨ ਦੇ ਤਿੰਨ ਵੱਡੇ ਐਲਾਨ !

ਬਿਊਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੇਮੌਸਮੀ ਬਰਸਾਤ ਨਾਲ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਦੇ ਲਈ ਆਪ ਖੇਤਾਂ ਵਿੱਚ ਪਹੁੰਚੇ । ਮੁੱਖ ਮੰਤਰੀ ਨੇ ਮੋਗਾ,ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਐਲਾਨ ਕੀਤਾ ਹੈ ਕਿਸਾਨਾਂ ਨੂੰ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਜਿੰਨਾਂ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਉਨ੍ਹਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਜੇਕਰ ਨੁਕਸਾਨ 33 ਤੋਂ 75 ਫੀਸਦੀ ਦੇ ਵਿੱਚ ਹੋਇਆ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਤੂਫਾਨ ਦੌਰਾਨ ਜਿੰਨਾਂ ਮਕਾਨਾਂ ਨੂੰ ਨੁਕਸਾਨ ਹੋਇਆ ਹੈ ਉਨ੍ਹਾ ਨੂੰ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

ਕਿਸਾਨ ਬੀਮਾ ਯੋਜਨਾ ਲਾਗੂ ਕੀਤੀ ਜਾਵੇਗੀ

ਕਾਂਗਰਸ ਸਰਕਾਰ ਨੇ ਕਿਸਾਨ ਬੀਮਾ ਯੋਜਨਾ ਦਾ ਵਿਰੋਧ ਕੀਤਾ ਸੀ ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਿੱਤ ਕਮਿਸ਼ਨਰ ਨੂੰ ਹਦਾਇਤਾ

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫ਼ਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲਗਪਗ ਪੂਰਾ ਸੀਜ਼ਨ ਬਰਬਾਦ ਹੋ ਗਿਆ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗ਼ਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ।

ਨਹਿਰੀ ਪਾਣੀ ਦਿੱਤਾ ਜਾਵੇਗਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।