Punjab

CM ਮਾਨ ਵਲੋਂ ਸਿੱਖਿਆ ਵਿਭਾਗ ਦਾ ਰਿਪੋਰਟ ਕਾਰਡ ਪੇਸ਼

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਸਰਕਾਰ ਵੱਲੋਂ ਇਸ ਖੇਤਰ ਵਿੱਚ ਕੀਤੀਆਂ ਗਈਆਂ ਮੁੱਖ ਉਪਲਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਹਰ ਥਾਂ ਇੱਕੋ ਜਿਹਾ ਹੋਣਾ ਚਾਹੀਦਾ ਹੈ ਅਤੇ ਸਿੱਖਿਆ ਨੂੰ ਪਹਿਲ ਦੇਣ ਵਾਲੇ ਦੇਸ਼ ਹਮੇਸ਼ਾ ਤਰੱਕੀ ਕਰਦੇ ਹਨ। ਉਨ੍ਹਾਂ ਆਲੋਚਨਾ ਕੀਤੀ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਦਕਿ ਆਪਣੀ ਸਰਕਾਰ ਨੇ ਦਿੱਲੀ ਮਾਡਲ ਲਾਗੂ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਉੱਚ ਪੱਧਰ ਤੱਕ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਯਾਦ ਕਰਵਾਇਆ ਕਿ ਦਿੱਲੀ ਵਿੱਚ ਆਪ ਸਰਕਾਰ ਨੇ ਸਭ ਤੋਂ ਪਹਿਲਾਂ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਸੀ।

ਸਿੱਖਿਆ ਲਈ ਇਸ ਵਾਰ 19,273 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਪਿਛਲੀ ਵਾਰ ਨਾਲੋਂ 7 ਫੀਸਦੀ ਵੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਨੀਂਹ ਸਿੱਖਿਆ ਉੱਤੇ ਟਿਕੀ ਹੁੰਦੀ ਹੈ, ਪਰ ਭਾਰਤ ਵਿੱਚ ਦੋ ਤਰ੍ਹਾਂ ਦੀ ਸਿੱਖਿਆ (ਇੰਡੀਆ ਅਤੇ ਭਾਰਤ) ਦਿੱਤੀ ਜਾ ਰਹੀ ਹੈ। ਅਮੀਰ ਵਰਗ ਲਈ ਇੱਕ ਤਰ੍ਹਾਂ ਅਤੇ ਆਮ ਲੋਕਾਂ ਲਈ ਦੂਜੀ ਤਰ੍ਹਾਂ ਦੀ ਸਿੱਖਿਆ ਗਲਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਛਾੜ ਕੇ ਪਹਿਲਾ ਨੰਬਰ ਹਾਸਲ ਕਰ ਲਿਆ ਹੈ।

ਸਰਕਾਰ ਵੱਲੋਂ ਸਕੂਲ ਆਨ ਵੀਲਜ਼ ਸਕੀਮ ਤਹਿਤ ਪੀਲੀਆਂ ਬੱਸਾਂ ਚਲਾਈਆਂ ਗਈਆਂ ਹਨ, ਜਿਸ ਨਾਲ 15,000 ਤੋਂ ਵੱਧ ਬੱਚਿਆਂ ਨੂੰ ਸਕੂਲ ਆਉਣ-ਜਾਣ ਦੀ ਸਹੂਲਤ ਮਿਲੀ ਹੈ। ਇਹ ਪੰਜਾਬ ਵਿੱਚ ਸਰਕਾਰੀ ਸਕੂਲਾਂ ਲਈ ਪਹਿਲੀ ਵਾਰ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਵਿਰੋਧੀ ਧਿਰਾਂ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਅਕਾਲੀ ਦਲ ਵਾਲੇ ਪੀਲੇ ਰੰਗ ਤੋਂ ਇਤਰਾਜ਼ ਨਾ ਕਰਨ।

ਇਸ ਤੋਂ ਇਲਾਵਾ ਪਹਿਲੀ ਵਾਰ ਅਧਿਆਪਕ-ਮਾਪਿਆਂ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਅਤੇ ਹਰ ਸਕੂਲ ਵਿੱਚ ਕੈਂਪਸ ਮੈਨੇਜਰ ਤਾਇਨਾਤ ਕੀਤੇ ਗਏ ਹਨ। ਸਕੂਲਾਂ ਵਿੱਚ 1,323 ਸੁਰੱਖਿਆ ਗਾਰਡ ਵੀ ਲਗਾਏ ਗਏ ਹਨ। ਪੰਜਾਬ ਦੇਸ਼ ਦੇ ਉਨ੍ਹਾਂ ਤਿੰਨ ਸੂਬਿਆਂ ਵਿੱਚੋਂ ਇੱਕ ਹੈ ਜਿੱਥੇ ਸਰਕਾਰੀ ਸਕੂਲਾਂ ਵਿੱਚ ਇੰਟਰਨੈੱਟ ਦੀ ਸਹੂਲਤ ਮੌਜੂਦ ਹੈ। ਹਾਈ ਸਪੀਡ ਇੰਟਰਨੈੱਟ ਮੁਹੱਈਆ ਕਰਵਾਉਣ ਲਈ 20 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਗੁਜਰਾਤ, ਯੂਪੀ ਅਤੇ ਮੱਧ ਪ੍ਰਦੇਸ਼ ਵਿੱਚ ਲਗਾਤਾਰ ਪੇਪਰ ਲੀਕ ਹੁੰਦੇ ਰਹਿੰਦੇ ਹਨ, ਜਦਕਿ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਕੋਈ ਵੱਡਾ ਪੇਪਰ ਲੀਕ ਨਹੀਂ ਹੋਇਆ। ਸਿਰਫ ਇੱਕ-ਦੋ ਛੋਟੀਆਂ ਸ਼ਿਕਾਇਤਾਂ ਆਈਆਂ ਹਨ। ਉਨ੍ਹਾਂ ਗੁਜਰਾਤ ਵਾਲੇ ਨਾਅਰੇ ‘ਪੇਪਰ ਫੂਟਾ, ਸਪਨਾ ਟੂਟਾ’ ਦਾ ਜ਼ਿਕਰ ਵੀ ਕੀਤਾ।

ਰਿਪੋਰਟ ਕਾਰਡ ਵਿੱਚ ਮੁੱਖ ਉਪਲਬਧੀਆਂ ਵਜੋਂ ਦੱਸਿਆ ਗਿਆ ਕਿ 60 ਤੋਂ ਵੱਧ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ, 25 ਸਰਕਾਰੀ ਸਕੂਲਾਂ ਨੂੰ ਸ਼ਹੀਦਾਂ ਦੇ ਨਾਮ ਉੱਤੇ ਰੱਖਿਆ ਗਿਆ ਹੈ ਅਤੇ ਹਰ ਸਕੂਲ ਵਿੱਚ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਸਰਕਾਰ ਸਿੱਖਿਆ ਨੂੰ ਹੋਰ ਵੀ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਹਰ ਬੱਚਾ ਬਿਹਤਰ ਭਵਿੱਖ ਬਣਾ ਸਕੇ। ਇਸ ਪ੍ਰੈੱਸ ਕਾਨਫਰੰਸ ਨੂੰ ਸਰਕਾਰ ਵੱਲੋਂ ਚਾਰ ਸਾਲਾਂ ਦੀਆਂ ਉਪਲਬਧੀਆਂ ਲੋਕਾਂ ਤੱਕ ਪਹੁੰਚਾਉਣ ਦੀ ਲੜੀ ਵਜੋਂ ਵੀ ਦੇਖਿਆ ਜਾ ਰਿਹਾ ਹੈ।