Punjab

ਆਪਣੇ ਜੱਦੀ ਪਿੰਡ ਸਤੌਜ ਪਹੁੰਚੇ CM ਮਾਨ, ਲੋਕਾਂ ਨੂੰ ਸਰਬ ਸੰਮਤੀ ਨਾਲ ਪੰਚਾਇਤ ਚੁਣਨ ਦੀ ਕੀਤੀ ਅਪੀਲ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰੀ ਅਤੇ ਨਾਲ ਹੀ ਆਖਿਆ ਕਿ, ਸਤੌਜ ਪਿੰਡ ਸਰਬਸੰਮਤੀ ਦੀ ਪੰਚਾਇਤ ਚੁਣੀ ਜਾਵੇ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਮਜ਼ਬੂਤ ​​ਕਰਨ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਣ ਕੇ ਸੂਬੇ ਵਿੱਚ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਗੇ ਵੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਇਹ ਸੂਬੇ ਦਾ ਮਾਡਲ ਪਿੰਡ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ​​ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਪਿੰਡਾਂ ਨੂੰ ਵਿਕਾਸ ਲਈ ਵੱਧ ਤੋਂ ਵੱਧ ਫੰਡ ਦੇ ਕੇ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮਾਨ ਨੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੋਲ 200 ਤੋਂ ਵਧੇਰੇ ਪਿੰਡਾਂ ਦੇ ਨਾਮ ਆਏ ਹਨ ਜਿੱਥੋ ਸਰਬ ਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਬਸੰਮਤੀ ਨਾਲ ਚੁਣੀ ਗਈ ਸਰਕਾਰ ਨੂੰ 5 ਲੱਖ ਰੁਪਏ ਦਿੱਤੇ ਜਾਣਗੇ।