India Punjab

ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ, ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੀਟਿੰਗ ਲਈ ਤਲਬ ਕੀਤਾ ਹੈ। ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਕਿਸਾਨਾਂ ਵੱਲੋਂ  ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ, ਕਣਕ ਦੇ ਘੱਟ ਝਾੜ ‘ਤੇ ਬੋਨਸ 500 ਰੁਪਏ ਦੇਣ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।  ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਮਾਨ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਹਨ।

ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਮੀਟਿੰਗ ਵਿੱਚ ਮਸਲਿਆਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਦਿੱਲੀ ਦੀ ਤਰਜ਼ ਉੱਪਰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਦਿੱਲੀ ਦੀ ਤਰਜ਼ ‘ਤੇ ਚਿਪ ਵਾਲੇ ਮੀਟਰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਡੈਮ ਸੇਫਟੀ ਐਕਟ,ਜ਼ਮੀਨ ਆਬਾਦਕਾਰ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ,ਕਣਕ ਉੱਪਰ 500 ਰੁਪਏ ਬੋਨਸ, ਭਾਰਤ ਮਾਲਾ ਤਹਿਤ ਬਣ ਰਹੀ ਸੜਕ ਦਾ ਕਿਸਾਨਾਂ ਨੂੰ ਮਿਲ ਰਹੇ ਘੱਟ ਮੁਆਵਜਾ ਦੇਣ ਦੀ ਮੰਗਾਂ ਨੂੰ ਲੈ ਕੇ  ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਆਗੂਆਂ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਮੋਰਚੇ ‘ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ ਸੀ।

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਅੱਜ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ’ਤੇ ਚੰਡੀਗੜ੍ਹ ਵੱਲ ਚਾਲੇ ਪਾਉਣਗੇ।