Punjab

ਬਿਜਲੀ ਉਪਭੋਗਤਾਵਾਂ ਲਈ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਦਿੰਦਿਆਂ ‘ਯਕਮੁਸ਼ਤ ਨਿਪਟਾਰਾ ਸਕੀਮ’ (ਓਟੀਐਸ) ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਡਿਫਾਲਟਰ ਘਰੇਲੂ ਖਪਤਕਾਰਾਂ ਨੂੰ ਬਕਾਇਆ ਬਿੱਲਾਂ ’ਤੇ ਲੱਗੇ ਜੁਰਮਾਨੇ ਅਤੇ ਵਿਆਜ ਤੋਂ ਪੂਰੀ ਛੋਟ ਮਿਲੇਗੀ। ਖਪਤਕਾਰਾਂ ਨੂੰ ਸਿਰਫ਼ ਮੂਲ ਰਕਮ ਹੀ ਜਮ੍ਹਾਂ ਕਰਵਾਉਣੀ ਪਵੇਗੀ।

ਮੁਆਫ਼ ਕੀਤੇ ਜਾਣਗੇ 518 ਕਰੋੜ – ਸੀਐਮ ਮਾਨ

ਸਕੀਮ ਦਾ ਲਾਭ ਲੈਣ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ 45 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ। 25 ਫੀਸਦੀ ਰਕਮ ਸ਼ੁਰੂ ਵਿੱਚ ਜਮ੍ਹਾ ਕਰਵਾਉਣੀ ਹੋਵੇਗੀ ਅਤੇ ਬਾਕੀ 75 ਫੀਸਦੀ ਦੋ ਕਿਸ਼ਤਾਂ ਵਿੱਚ ਛੇ-ਛੇ ਮਹੀਨਿਆਂ ਵਿੱਚ ਅਦਾ ਕੀਤੀ ਜਾ ਸਕੇਗੀ। ਇਸ ਤੋਂ ਲਗਭਗ 24 ਲੱਖ 86 ਹਜ਼ਾਰ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਕੁੱਲ ਬਕਾਇਆ 2516 ਕਰੋੜ ਰੁਪਏ ਹੈ, ਜਿਸ ਵਿੱਚੋਂ 518 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਨੋਟੀਫਿਕੇਸ਼ਨ ਕੱਲ੍ਹ ਜਾਰੀ ਹੋਵੇਗਾ ਅਤੇ ਓਟੀਐਸ ਬਿੱਲ ਖਪਤਕਾਰਾਂ ਦੇ ਘਰ ਭੇਜੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਕਿਤੇ ਭਾਲਣ ਦੀ ਲੋੜ ਨਾ ਪਵੇ। ਪਿੰਡਾਂ ਅਤੇ ਸ਼ਹਿਰਾਂ ਦੋਵਾਂ ਵਿੱਚ ਰਹਿਣ ਵਾਲਿਆਂ ਨੂੰ ਇਸਦਾ ਲਾਭ ਮਿਲੇਗਾ। ਪਹਿਲਾਂ ਹੀ 600 ਯੂਨਿਟ ਤੱਕ ਦੀ ਬਿਜਲੀ ਮੁਆਫ਼ ਕੀਤੀ ਜਾ ਚੁੱਕੀ ਹੈ, ਇਸ ਲਈ ਇਸ ਤੋਂ ਵੱਧ ਬਕਾਇਆ ਵਾਲਿਆਂ ਨੂੰ ਖਾਸ ਰਾਹਤ ਮਿਲੇਗੀ। ਇਹ ਕਦਮ ਲੋਕਾਂ ਨੂੰ ਵਿੱਤੀ ਬੋਝ ਤੋਂ ਰਾਹਤ ਦੇਣ ਅਤੇ ਬਿਜਲੀ ਬਿਲਾਂ ਦੇ ਨਿਬੇੜੇ ਨੂੰ ਆਸਾਨ ਬਣਾਉਣ ਲਈ ਚੁੱਕਿਆ ਗਿਆ ਹੈ।