ਦਿੱਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੇਨੇ ਦੀ ਖਰੀਦ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਿੰਦਾ ਆ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਮੁਲਾਕਾਤ ਵਿੱਚ ਝੋਨੇ ਦੀ ਖਰੀਦ ਵਿੱਚ ਆ ਰਹੀ ਦਿੱਕਤ ਨੂੰ ਲੈ ਕੇ ਚਰਚਾ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ 120 ਲੱਖ ਚੌਲ 31 ਮਾਰਚ ਕਲੀਅਰ ਕਰਨ ਦਾ ਭਰੋਸਾ ਦਿੱਤਾ ਹੈ। ਮਾਨ ਨੇ ਕਿਹਾ ਕਿ ਇਸਦੇ ਨਾਲ ਹੀ ਆੜ੍ਹਤੀਆਂ ਦੇ ਕਮਿਸ਼ਨ ਦੇ ਵੀ ਭਰੋਸਾ ਮਿਲਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਈ ਹੈ। ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਅਨਾਜ ਦਿੱਤਾ ਜਾਵੇਗਾ
ਮਾਨ ਨੇ ਕਿਹਾ ਕਿ ਸਾਡੀ ਮੀਟਿੰਗ ਬਹੁਤ ਵਧੀਆ ਮਾਹੌਲ ਵਿੱਚ ਹੋਈ। ਇਸ ਵਾਰ ਅਸੀਂ ਕੇਂਦਰੀ ਪੂਲ ਨੂੰ 180 ਲੱਖ ਮੀਟ੍ਰਿਕ ਟਨ ਅਨਾਜ ਦੇਣ ਜਾ ਰਹੇ ਹਾਂ। ਇਸ ਦੇ ਨਾਲ ਹੀ ਕੇਂਦਰ ਤੋਂ ਮਿਲਣ ਵਾਲਾ ਪੈਸਾ ਵੀ ਪਹੁੰਚ ਗਿਆ ਹੈ। ਡੀਏਪੀ ਸਟਾਕ ਉਪਲਬਧ ਹੋਣਾ ਸ਼ੁਰੂ ਹੋ ਗਿਆ ਹੈ। ਯੂਕਰੇਨ ਅਤੇ ਰੂਸ ਵਿਚਾਲੇ ਜੰਗ ਕਾਰਨ ਇਸ ਵਾਰ ਕਣਕ ‘ਤੇ ਜ਼ੋਰ ਦੇਣ ਲਈ ਕਿਹਾ ਗਿਆ ਹੈ।
ਚੌਲਾਂ ਦੀ ਲਿਫਟਿੰਗ 31 ਮਾਰਚ ਤੱਕ ਕੀਤੀ ਜਾਵੇਗੀ
ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਮੀਟਿੰਗ ਵਿੱਚ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਗੁਦਾਮਾਂ ਵਿੱਚ ਪਏ 120 ਲੱਖ ਮੀਟ੍ਰਿਕ ਟਨ ਚੌਲਾਂ ਦੀ 31 ਮਾਰਚ ਤੱਕ ਲਿਫਟਿੰਗ ਕਰ ਦਿੱਤੀ ਜਾਵੇਗੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕਿਸੇ ਸ਼ੈਲਰ ਮਾਲਕ ਨੂੰ ਕਿਸੇ ਵੀ ਥਾਂ ’ਤੇ ਅਨਾਜ ਅਲਾਟ ਕੀਤਾ ਜਾਂਦਾ ਹੈ ਪਰ ਬਾਅਦ ਵਿੱਚ ਉਸ ਨੂੰ ਸਟੇਸ਼ਨ ਤੋਂ ਅਨਾਜ ਚੁੱਕਣ ਦਾ ਹੁਕਮ ਦਿੱਤਾ ਜਾਂਦਾ ਹੈ ਤਾਂ ਇਸ ਦੌਰਾਨ ਹੋਣ ਵਾਲਾ ਸਾਰਾ ਖਰਚਾ ਕੇਂਦਰ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਇਸ ਮੀਟਿੰਗ ਵਿੱਚ ਸੀ.ਐਮ ਮਾਨ ਦੀ ਤਰਫੋਂ ਪੰਜਾਬ ਦੇ ਰਾਈਸ ਮਿੱਲਰਾਂ ਅਤੇ ਕਮਿਸ਼ਨ ਏਜੰਟਾਂ ਦਾ ਮੁੱਦਾ ਵੀ ਕੇਂਦਰੀ ਮੰਤਰੀ ਅੱਗੇ ਉਠਾਇਆ ਜਾਵੇਗਾ।
ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਸ਼ਾਮਲ ਹੋਏ ਹਨ।