The Khalas Tv Blog Punjab CBI ਦੀ ਛਾਪੇਮਾਰੀ ’ਤੇ CM ਮਾਨ ਦਾ ਬਿਆਨ
Punjab

CBI ਦੀ ਛਾਪੇਮਾਰੀ ’ਤੇ CM ਮਾਨ ਦਾ ਬਿਆਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹੋਈਆਂ ਸੀਬੀਆਈ ਰੇਡਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਨ੍ਹਾਂ ਰੇਡਾਂ ਤੋਂ ਸਾਫ਼ ਸੰਕੇਤ ਮਿਲਦਾ ਹੈ ਕਿ ਪੰਜਾਬ ਵਿੱਚ ਚੋਣਾਂ ਜਲਦੀ ਹੋਣ ਵਾਲੀਆਂ ਹਨ। ਮਾਨ ਨੇ ਕਿਹਾ ਕਿ ਭਾਜਪਾ ਦਾ ਕੰਮ ਕਰਨ ਦਾ ਤਰੀਕਾ ਇਹ ਹੈ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵਿਰੋਧੀ ਆਗੂਆਂ ਦੇ ਸਹਿਯੋਗੀਆਂ, ਪਰਿਵਾਰਕ ਮੈਂਬਰਾਂ ਜਾਂ ਨਜ਼ਦੀਕੀ ਲੋਕਾਂ ਨੂੰ ਜਾਂਚ ਏਜੰਸੀਆਂ ਰਾਹੀਂ ਨਿਸ਼ਾਨਾ ਬਣਾਇਆ ਜਾਂਦਾ ਹੈ।

ਮਾਨ ਨੇ ਝਾਰਖੰਡ, ਪੱਛਮੀ ਬੰਗਾਲ, ਹਰਿਆਣਾ ਅਤੇ ਦਿੱਲੀ ਦੀਆਂ ਉਦਾਹਰਣਾਂ ਦਿੱਤੀਆਂ। ਝਾਰਖੰਡ ਵਿੱਚ ਹੇਮੰਤ ਸੋਰੇਨ ਨਾਲ ਜੁੜੀ ਕਾਰਵਾਈ ਚੋਣਾਂ ਤੋਂ ਪਹਿਲਾਂ ਹੋਈ ਸੀ। ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖਿਲਾਫ਼ ਚੋਣ ਮੁਹਿੰਮ ਦੌਰਾਨ ਏਜੰਸੀਆਂ ਸਰਗਰਮ ਰਹੀਆਂ। ਹਰਿਆਣਾ ਅਤੇ ਦਿੱਲੀ ਵਿੱਚ ਵੀ ਮਨੀਸ਼ ਸਿਸੋਦੀਆ ਤੇ ਅਰਵਿੰਦ ਕੇਜਰੀਵਾਲ ਖਿਲਾਫ਼ ਇਸੇ ਤਰ੍ਹਾਂ ਦੀ ਕਾਰਵਾਈ ਚੋਣਾਂ ਤੋਂ ਪਹਿਲਾਂ ਹੋਈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵੀ ਹੁਣ ਇਹੋ ਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ।

ਸੀਬੀਆਈ ਰੇਡਾਂ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਕਾਰਵਾਈ ਦੌਰਾਨ ਕੁਝ ਵੀ ਨਹੀਂ ਮਿਲਿਆ। ਅਧਿਕਾਰੀ ਸਗੋਂ ਕਲੀਨ ਚਿੱਟੀ ਦੇ ਕੇ ਖਾਲੀ ਹੱਥ ਵਾਪਸ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਕਾਰਨ ਉਨ੍ਹਾਂ, ਉਨ੍ਹਾਂ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਜਪਾ ਕੋਲ ਹੁਣ ਨਾ ਤਾਂ ਲੋਕਾਂ ਦਾ ਸਮਰਥਨ ਬਚਿਆ ਹੈ ਅਤੇ ਨਾ ਹੀ ਕੋਈ ਹੋਰ ਰਾਹ ਜਿਸ ਰਾਹੀਂ ਉਹ ਪੰਜਾਬੀਆਂ ਦਾ ਭਰੋਸਾ ਜਿੱਤ ਸਕੇ। ਇਸ ਲਈ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨਾ ਉਨ੍ਹਾਂ ਲਈ ਰਿਵਾਜ ਬਣ ਗਿਆ ਹੈ। ਮਾਨ ਨੇ ਸਾਫ਼ ਕਿਹਾ ਕਿ ਇਹ ਸਾਰੀ ਕਾਰਵਾਈ ਸਿਆਸੀ ਮਕਸਦ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਚੋਣਾਂ ਤੋਂ ਪਹਿਲਾਂ ਮਾਹੌਲ ਖਰਾਬ ਕੀਤਾ ਜਾ ਸਕੇ।

 

Exit mobile version