‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੋਕ ਮਿਲਣੀ ਦੌਰਾਨ ਮਿਲੀਆਂ ਸ਼ਿਕਾਇਤਾਂ ਤੁਰੰਤ ਕਾਰਵਾਈ ਕਰਦਿਆਂ ਦੋ ਤਹਿਸੀਲਦਾਰਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਫਰਿਆਦੀ ਨੇ ਮੁੱਖ ਮੰਤਰੀ ਦੇ ਸਾਹਮਣੇ ਫਰਿਆਦ ਰੱਖੀ ਤਾਂ ਮੁੱਖ ਮੰਤਰੀ ਨੇ ਦੋ ਤਹਿਸੀਲਦਾਰਾਂ ਖ਼ਿਲਾਫ਼ ਵਿਭਾਗੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਉੱਚ ਅਧਿਕਾਰੀ ਇਸ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਦੇ ਨਾਲ ਹਨ ਤਾਂ ਜੋ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਨਾ ਹੋਣਾ ਪਵੇ।
ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ ‘ਤੇ ਇਨ੍ਹਾਂ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।