‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜ ਦੀਆਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਰੁਕਣ ਦੇ ਕੁਝ ਘੰਟਿਆਂ ਅੰਦਰ ਮੰਡੀਆਂ ਦੇ ਕੰਮਕਾਜ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ‘ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਖਰਾਬ ਮੌਸਮ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਕੱਲ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਈ ਹੈ, ਜਿਸ ਕਾਰਨ ਭਲਕੇ ਮੰਡੀਆਂ ਦੇ ਕੰਮਕਾਜ ਵਿੱਚ ਅਸਥਾਈ ਤੌਰ ਉੱਤੇ ਵਿਘਨ ਪੈਣ ਦੀ ਸੰਭਾਵਨਾ ਹੈ।
ਇਸੇ ਦੌਰਾਨ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ, ਮਾਰਕਫੈੱਡ, ਪਨਸਪ, ਐਫ.ਸੀ.ਆਈ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਦੇਰ ਸ਼ਾਮ ਮੀਟਿੰਗ ਕਰਕੇ ਰਾਜ ਦੇ ਬਹੁਤੇ ਹਿੱਸਿਆਂ ਵਿੱਚ ਮੌਜੂਦਾ ਪ੍ਰਤੀਕੂਲ ਮੌਸਮੀ ਸਥਿਤੀਆਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਵਿਸਤ੍ਰਿਤ ਯੋਜਨਾ ਉਲੀਕੀ। ਬੁਲਾਰੇ ਨੇ ਕਿਹਾ ਕਿ ਮੰਡੀ ਬੋਰਡ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਮਾਰਕੀਟ ਕਮੇਟੀਆਂ ਜੰਗੀ ਪੱਧਰ ‘ਤੇ ਸਮੱਸਿਆ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਮਨੁੱਖੀ ਸ਼ਕਤੀ ਅਤੇ ਪੰਪਿੰਗ ਸੈੱਟ ਤਾਇਨਾਤ ਕੀਤੀ ਜਾਵੇ।
ਮੰਡੀਆਂ ਵਿੱਚ ਪਏ ਸਟਾਕ ਦੀ ਸੁਰੱਖਿਆ ਦੇ ਸਬੰਧ ਵਿੱਚ ਬੁਲਾਰੇ ਨੇ ਦੱਸਿਆ ਕਿ ਸਟਾਕ ਨੂੰ ਤਰਪਾਲਾਂ ਨਾਲ ਢੱਕਿਆ ਗਿਆ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਕਿ ਸੈਕਟਰ ਅਫਸਰ ਮੰਡੀਆਂ ਵਿੱਚ ਪਈਆਂ ਸਾਰੀਆਂ ਜਿਣਸਾਂ ਦੀ ਸਰੀਰਕ ਤੌਰ ‘ਤੇ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਪਈ ਸਾਰੀ ਜਿਣਸ ਨੂੰ ਢੱਕ ਕੇ ਮੀਂਹ ਅਤੇ ਧੂੜ ਭਰੀਆਂ ਹਵਾਵਾਂ ਤੋਂ ਸੁਰੱਖਿਅਤ ਰੱਖਿਆ ਜਾਵੇ।