Punjab Religion

SGPC ਨੇ ਜਾਰੀ ਕੀਤੇ ਤਾਂਬੇ ਦੇ ਸਿੱਕੇ, ਜਾਣੋ ਕੀ ਹੈ ਖਾਸੀਅਤ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : SGPC ਨੇ ਸਾਕਾ ਸ੍ਰੀ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਸ਼ਤਾਬਦੀ ਦਿਹਾੜਿਆਂ ਬਾਰੇ ਉਰਦੂ ਭਾਸ਼ਾ ਵਿਚ ਇਤਿਹਾਸਕ ਕਿਤਾਬਚੇ ਵੀ ਸੰਗਤ ਨੂੰ ਅਰਪਣ ਕੀਤੇ ਗਏ ਹਨ। ਇਹ ਕਿਤਾਬਚੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸਮਾਗਮਾਂ ਦੌਰਾਨ ਸੰਗਤ ਨੂੰ ਵੰਡੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਦੋਹੀਂ ਪਾਸੀਂ ਸ਼ਤਾਬਦੀ ਸਮਾਗਮ ਹੋਣਗੇ।

ਯਾਦਗਾਰੀ ਸਿੱਕੇ ਬਾਰੇ ਉਨ੍ਹਾਂ ਦੱਸਿਆ ਕਿ ਤਾਂਬੇ ਦੇ ਬਣੇ ਇਸ ਸਿੱਕੇ ਦੇ ਇਕ ਪਾਸੇ ਗੁਰਦੁਆਰਾ ਗੁਰੂ ਕਾ ਬਾਗ ਦੀ ਤਸਵੀਰ ਅਤੇ ਦੂਸਰੇ ਪਾਸੇ ਸਾਕਾ ਸ੍ਰੀ ਪੰਜਾ ਸਾਹਿਬ ਦਾ ਚਿੱਤਰ ਉਕਰਿਆ ਹੈ। ਇਹ ਯਾਦਗਾਰੀ ਸਿੱਕਾ ਸੰਗਤ ਨੂੰ ਸ਼ਤਾਬਦੀ ਦਿਹਾੜਿਆਂ ਦੀ ਯਾਦ ਨਾਲ ਚਿਰ-ਸਦੀਵ ਜੋੜੀ ਰੱਖੇਗਾ।

ਸਰਹੱਦੀ ਖੇਤਰਾਂ ‘ਚ ਇੰਝ ਹੋਵੇਗਾ ਸਿੱਖੀ ਦਾ ਪ੍ਰਚਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਅਗਾਊਂ ਵਫ਼ਦ ਭੇਜਣ ਦੀ ਪਰਕਿਰਿਆ ਵੀ ਜਾਰੀ ਹੈ ਅਤੇ ਇਸੇ ਮਹੀਨੇ ਹੀ ਵਫ਼ਦ ਦੇ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ 13 ਮਾਰਚ 2023 ਨੂੰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਵੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਮਗਰੋਂ ਸਿੱਕਾ ਅਤੇ ਕਿਤਾਬਚੇ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 30 ਅਕਤੂਬਰ 2022 ਨੂੰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਖ਼ਾਲਸਈ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਬਾਰੇ ਤਿਆਰੀਆਂ ਜਾਰੀ ਹਨ। ਇਸ ਤੋਂ ਪਹਿਲਾਂ ਲੰਘੇ ਮਹੀਨੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਦੇ ਸਮਾਗਮ ਸੰਪੰਨ ਹੋਏ ਹਨ।