Punjab

ਸੀਤ ਲਹਿਰ ਨੇ ਠਾਰੇ ਪੰਜਾਬੀ, ਕਈ ਇਲਾਕਿਆਂ ‘ਚ ਪਈ ਧੁੰਦ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਨ੍ਹਾਂ ਦਿਨਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਸਵੇਰੇ ਅਤੇ ਸ਼ਾਮ ਨੂੰ ਕਾਫ਼ੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ (20 ਦਸੰਬਰ) ਅਤੇ ਕੱਲ੍ਹ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 20 ਤੋਂ 22 ਦਸੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦਾ ਘੱਟੋ-ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਘਟ ਗਿਆ ਹੈ। ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਨਿਊਨਤਮ ਤਾਪਮਾਨ 4.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਪੈਣ ਦੀ ਆਸ ਹੈ। 20 ਤੋਂ 22 ਦਸੰਬਰ ਤੱਕ ਕੁਝ ਥਾਵਾਂ ‘ਤੇ ਹਲਕਾ ਮੀਂਹਪਵੇਗਾ, ਜਦਕਿ 23 ਤੋਂ 24 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ। ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਬਾਅਦ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ 2 ਤੋਂ 3 ਡਿਗਰੀ ਵਧ ਸਕਦਾ ਹੈ।

21 ਦਸੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਹਲਕੇ ਮੀਂਹ ਦੀ ਉਮੀਦ ਹੈ। 22 ਦਸੰਬਰ ਨੂੰ ਇਨ੍ਹਾਂ ਹੀ ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਰਹਿ ਸਕਦਾ ਹੈ। 23 ਤੋਂ 25 ਦਸੰਬਰ ਤੱਕ ਪੂਰੇ ਪੰਜਾਬ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਹੈ। ਇਸ ਦੌਰਾਨ ਡਰਾਈਵਰਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਠੰਢ ਅਤੇ ਧੁੰਦ ਕਾਰਨ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।