Punjab

ਸਿੱਧੀ ਅਦਾਇਗੀ : ਕੈਪਟਨ ਦਾ ਆੜ੍ਹਤੀਆਂ ਨਾਲ ਸਟੈਂਡ, ਚਾਰ ਮੈਂਬਰੀ ਕਮੇਟੀ ਦੀ ਖੁਰਾਕ ਮੰਤਰੀ ਨਾਲ ਮੀਟਿੰਗ ਅੱਜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੱਧੀ ਅਦਾਇਗੀ ਦੇ ਮਾਮਲੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਅੱਜ ਜਿਣਸ ਦੀ ਸਿੱਧੀ ਅਦਾਇਗੀ ਦੇ ਮੁੱਦੇ ’ਤੇ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨਾਲ ਵਿਚਾਰ-ਚਰਚਾ ਕਰੇਗੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨਾਲ ਮੀਟਿੰਗ ਤੋਂ ਬਾਅਦ ਮੁੜ ਕਿਹਾ ਕਿ ਉਹ ਸਿੱਧੀ ਅਦਾਇਗੀ ਦੇ ਮਾਮਲੇ ’ਤੇ ਉਨ੍ਹਾਂ ਨਾਲ ਖੜ੍ਹੇ ਹਨ।

ਮੁੱਖ ਮੰਤਰੀ ਵੱਲੋਂ ਕੀਤੀ ਗਈ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਉੱਚ ਅਧਿਕਾਰੀ ਸ਼ਾਮਲ ਕੀਤੇ ਗਏ ਸਨ। ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਪ੍ਰਧਾਨ ਵਿਜੈ ਕਾਲੜਾ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ, ਮੀਤ ਪ੍ਰਧਾਨ ਨਰੇਸ਼ ਭਾਰਦਵਾਜ ਤੇ ਰਾਕੇਸ਼ ਜੈਨ ਮੌੜ ਮੰਡੀ ਆਦਿ ਤੋਂ ਇਲਾਵਾ ਲੇਬਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਤੁਲੀ ਨੇ ਵੀ ਮੀਟਿੰਗ ਵਿਚ ਹਾਜ਼ਿਰੀ ਭਰੀ।

ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਅੱਜ 4 ਵਜੇ ਦਿੱਲੀ ਵਿਚ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ ਤੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ। ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਇਸ ਮੀਟਿੰਗ ਤੋਂ ਆਸਵੰਦ ਹਨ।

ਮੁੱਖ ਮੰਤਰੀ ਨੇ ਆੜ੍ਹਤੀਆਂ ਤੇ ਅਧਿਕਾਰੀਆਂ ਦੀ ਕੱਲ੍ਹ ਮੀਟਿੰਗ ਸੱਦੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਮੁੜ ਆੜ੍ਹਤੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਦਿੱਲੀ ’ਚ ਹੋਣ ਵਾਲੀ ਮੀਟਿੰਗ ਦੇ ਨਤੀਜਿਆਂ ’ਤੇ ਚਰਚਾ ਕੀਤੀ ਜਾਵੇਗੀ। ਫੈਡਰੇਸ਼ਨ ਆਫ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਚਾਰ ਮਸਲਿਆਂ ਦਾ ਹੱਲ ਮੰਗਿਆਂ ਹੈ, ਜਿਨ੍ਹਾਂ ਵਿਚ ਆੜ੍ਹਤੀਆਂ ਜ਼ਰੀਏ ਜਿਣਸ ਦੀ ਅਦਾਇਗੀ, ਭਾਰਤੀ ਖੁਰਾਕ ਨਿਗਮ ਤੋਂ 2019 ਦੇ 131 ਕਰੋੜ ਦੇ ਬਕਾਏ ਜਾਰੀ ਕਰਾਉਣੇ, ਖੁਰਾਕ ਨਿਗਮ ਵੱਲੋਂ ਕੀਤੀ ਕਟੌਤੀ ਦੀ ਭਰਪਾਈ ਤੋਂ ਇਲਾਵਾ ਕਿਸਾਨਾਂ ਨੂੰ ਜ਼ਮੀਨੀ ਰਿਕਾਰਡ ਦਿੱਤੇ ਜਾਣ ਤੋਂ ਛੋਟ ਦੇਣ ਦਾ ਮਾਮਲਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੇ ਮਸਲਾ ਹੱਲ ਨਾ ਹੋਇਆ ਤਾਂ ਉਹ 10 ਅਪ੍ਰੈਲ ਤੋਂ ਹੜਤਾਲ ਕਰਨਗੇ।