ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕ ਸਭਾ ਮੈਂਬਰ ਅਮਨ ਅਰੋੜਾ ਨੇ ਮੁਹਾਲੀ ਦੇ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ, ਪਰ ਉਨ੍ਹਾਂ ਨੂੰ ਕੁਝ ਦਿਨ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਾ ਪਵੇਗਾ।
ਮੁੱਖ ਮੰਤਰੀ ਨੇ ਹੜ੍ਹ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਪੀੜਤਾਂ ਦੀ ਤੁਰੰਤ ਮਦਦ ਲਈ ਚਿੰਤਾ ਜ਼ਾਹਰ ਕੀਤੀ। ਚੀਮਾ ਨੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦਾ ਕਾਰਨ ਮਾਈਨਿੰਗ ਨੂੰ ਦੱਸਣਾ ਗ਼ਲਤ ਹੈ, ਕਿਉਂਕਿ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵੀ ਹੜ੍ਹ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਬਕਾਇਆ ਫੰਡ ਜਾਰੀ ਕਰਨੇ ਚਾਹੀਦੇ ਹਨ ਅਤੇ ਹੜ੍ਹ ਪੀੜਤਾਂ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ‘ਆਪ’ ਲੀਡਰਸ਼ਿਪ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਮੁੱਖ ਮੰਤਰੀ ਦੇ ਠੀਕ ਹੋਣ ਤੋਂ ਬਾਅਦ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ ਅਤੇ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਸਰਕਾਰ ਅਤੇ ਸਮੁੱਚੀ ਲੀਡਰਸ਼ਿਪ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹੈ, ਅਤੇ ਕੇਂਦਰ ਤੋਂ ਤੁਰੰਤ ਸਹਾਇਤਾ ਦੀ ਮੰਗ ਕਰ ਰਹੀ ਹੈ।