‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿੱਚ ਅੱਜ ਪੂਰਾ ਮਹਾਰਾਸ਼ਟਰ ਬੰਦ ਹੈ। ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮਹਾਰਾਸ਼ਟਰ ਦੀ ਸ਼ਿਵ ਸੈਨਾ ਸਰਕਾਰ ਨੇ ਮਹਾਰਾਸ਼ਟਰ ਬੰਦ ਦਾ ਸੱਦਾ ਦਿੱਤਾ ਸੀ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਤੇ ਹੋਰਨਾਂ ਵੱਲੋਂ ਕਿਸਾਨਾਂ ਉੱਤੇ ਗੱਡੀ ਚੜਾ ਕੇ ਮਾਰੇ ਜਾਣ ਦੇ ਵਿਰੋਧ ਵਿੱਚ ਇਹ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਕੁੱਝ ਬੰਦ ਰਹੇਗਾ। ਮਹਾਂਵਿਕਾਸ ਅਘਾੜੀ ਜਾਂ ਐਮਵੀਏ ਸਰਕਾਰ ਵੱਲੋਂ ਮਹਾਰਾਸ਼ਟਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਵਿੱਚ ਸੱਤਾਧਾਰੀ ਗਠਜੋੜ ਸ਼ਿਵ ਸੈਨਾ, ਕਾਂਗਰਸ ਅਤੇ ਐੱਨਸੀਪੀ ਵੀ ਬੰਦ ਨੂੰ ਸਮਰਥਨ ਕਰ ਰਹੇ ਹਨ। ਵਪਾਰੀਆਂ ਦੇ ਸੰਗਠਨਾਂ, ਫੈਡਰੇਸ਼ਨ ਆਫ ਰਿਟੇਲ ਟੈਡਰਜ਼ ਵੇਲਫੇਅਰ ਐਸੋਸੀਏਸ਼ਨ ਵੱਲੋਂ ਵੀ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।