Khaas Lekh Khalas Tv Special Punjab

ਮਾਨ ਸਰਕਾਰ : ਲੋਕਾਂ ਤੇ ਵਿਰੋਧੀਆਂ ਲਈ ਕਿਵੇਂ ਗੁਜ਼ਰਿਆ ਮਾਨ ਸਰਕਾਰ ਦਾ ਪਹਿਲਾ ਸਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ। ਪਿਛਲੇ ਸਾਲ 16 ਮਾਰਚ ਨੂੰ ਜਦੋਂ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਹੁਣ ਇੱਕ ਵੱਖਰੀ ਸਰਕਾਰ ਦੇਖੀ ਜਾਵੇਗੀ ਜੋ ਆਮ ਲੋਕਾਂ ਦੀ ਸਰਕਾਰ ਹੋਵੇਗੀ। ਇੱਕ ਸਾਲ ‘ਚ ਸਰਕਾਰ ਨੇ ਕਈ ਅਹਿਮ ਫ਼ੈਸਲੇ ਲਏ, ਜਿਨ੍ਹਾਂ ਦਾ ਸੁਆਗਤ ਕੀਤਾ ਗਿਆ ਅਤੇ ਕਈ ਮੁੱਦਿਆਂ ‘ਤੇ ਕਾਫ਼ੀ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ।

ਇੱਕ ਸਾਲ ਚ ਸਰਕਾਰ ਦੀਆਂ ਪਹਿਲਕਦਮੀਆਂ/ਗਾਰੰਟੀਆਂ

ਮੁਫ਼ਤ ਬਿਜਲੀ

ਮੁਫ਼ਤ ਬਿਜਲੀ ਆਮ ਆਦਮੀ ਪਾਰਟੀ ਦੇ ਚੋਣ ਵਾਅਦਿਆਂ ਦੀ ਸੂਚੀ ਦੇ ਸਿਖਰ ‘ਤੇ ਸੀ। ਸੂਬਾ ਸਰਕਾਰ ਨੇ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ।ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਨਵੰਬਰ-ਦਸੰਬਰ 2022 ਵਿੱਚ ਸੂਬੇ ਦੇ 87 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਮਿਲੇ ਹਨ। ਜਿੱਥੇ ਆਮ ਲੋਕ ਇਸ ਤੋਂ ਕਾਫ਼ੀ ਖ਼ੁਸ਼ ਹਨ, ਉੱਥੇ ਹੀ ਕਈ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨਾਲ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬੇ ਸੂਬੇ ‘ਤੇ ਹੋਰ ਬੋਝ ਪਵੇਗਾ।

ਭ੍ਰਿਸ਼ਟਾਚਾਰ ਖਿਲਾਫ਼ ਸਖ਼ਤਾਈ

ਆਮ ਆਦਮੀ ਪਾਰਟੀ ਨੇ ਇੱਕ ਸਾਲ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦਾ ਦਾਅਵਾ ਕੀਤਾ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਨੂੰ ਬੇਰਹਿਮੀ ਨਾਲ ਲੁੱਟਣ ਅਤੇ ਬਰਬਾਦ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਲਗਾਤਾਰ ਖ਼ਬਰਾਂ ਮਿਲਦੀਆਂ ਰਹੀਆਂ ਹਨ ਕਿ ਵਿਜੀਲੈਂਸ ਵੱਲੋਂ ਕਿਸੇ ਨਾ ਕਿਸੇ ਮੰਤਰੀ ਨੂੰ ਜਾਂ ਤਾਂ ਤਲਬ ਕੀਤਾ ਗਿਆ ਹੈ ਜਾਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲ ਹੀ ‘ਚ ਕਾਂਗਰਸ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੁੱਕ ਆਊਟ ਸਰਕੁਲਰ (LOC) ਜਾਰੀ ਕੀਤਾ ਗਿਆ ਹੈ। ਪਿਛਲੀ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ, ਸ਼ਾਮ ਸੁੰਦਰ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਆਗੂ ਵਿਜੇ ਸਿੰਗਲਾ ਅਤੇ ਬਠਿੰਡਾ ਰੂਰਲ ਤੋਂ ਵਿਧਾਇਕ ਅਮਿਤ ਰਤਨ ਖਿਲਾਫ਼ ਵੀ ਕਰਾਵਾਈ ਕੀਤੀ।

ਆਮ ਆਦਮੀ ਕਲੀਨਿਕ

‘ਆਪ’ ਸਰਕਾਰ ਦੇ ਆਮ ਆਦਮੀ ਕਲੀਨਿਕ ਇਸ ਇੱਕ ਸਾਲ ਵਿੱਚ ਖ਼ੂਬ ਚਰਚਾ ਦਾ ਵਿਸ਼ਾ ਰਹੇ। ਪਿਛਲੇ ਇੱਕ ਸਾਲ ਵਿੱਚ ਸੂਬੇ ਭਰ ਵਿੱਚ 504 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਖੋਲ੍ਹੇ ਗਏ ਹਨ। ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਵਿਸ਼ੇਸ਼ ਮਹੱਤਵ ਦੇਣ ਦਾ ਦਾਅਵਾ ਕੀਤਾ ਹੈ।

 

ਕਲੀਨਿਕਾਂ ਦੀ ਖਾਸੀਅਤ

  • ਇਨ੍ਹਾਂ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦਿੰਦੇ ਹਨ।
  • ਇੱਥੇ ਓਪੀਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜਣੇਪਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਲੈਬ ਟੈੱਸਟ ਆਦਿ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ।
  • ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਸਰਕਾਰ ਦਾ ਕਹਿਣਾ ਹੈ ਕਿ ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਹੁਣ ਲੋਕ ਆਪਣੇ ਘਰਾਂ ਦੇ ਨੇੜੇ ਹੀ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਲੈ ਸਕਣਗੇ।

ਬੇਰੁਜ਼ਗਾਰੀ ਦੂਰ ਕਰਨ ਦਾ ਦਾਅਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚੋਂ ਬੇਰੁਜ਼ਗਾਰੀ ਦੂਰ ਕਰਨ ਦਾ ਸੰਕਲਪ ਲਿਆ ਹੈ। ਮਾਨ ਨੇ ਵੱਡਾ ਦਾਅਵਾ ਕੀਤਾ ਕਿ ਪੰਜਾਬ ਵਿੱਚ ਰੁਜ਼ਗਾਰ ਦੇ ਏਨੇ ਮੌਕੇ ਪੈਦਾ ਕੀਤੇ ਜਾਣਗੇ ਕਿ ਬਾਹਰਲੇ ਮੁਲਕਾਂ ਦੇ ਲੋਕ ਪੰਜਾਬ ਵਿੱਚ ਆ ਕੇ ਨੌਕਰੀਆਂ ਕਰਨ ਲਈ ਆਇਆ ਕਰਨਗੇ।

ਸੂਬੇ ਵਿੱਚ ਮੁੱਖ ਮੰਤਰੀ ਮਾਨ ਮੁਤਾਬਕ ਪਿਛਲੇ ਸਾਲ 26,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਹ ਸਿਰਫ਼ ਯੋਗਤਾ ਦੇ ਆਧਾਰ ‘ਤੇ ਅਤੇ ਪੂਰੀ ਤਰ੍ਹਾਂ ਖੁੱਲ੍ਹੀ ਭਰਤੀ ਪ੍ਰਕਿਰਿਆ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ ਸਾਲਾਂ ਦੌਰਾਨ ਕੱਚੀਆਂ ਤੇ ਠੇਕੇ ‘ਤੇ ਨੌਕਰੀ ਕਰ ਰਹੇ ਲੋਕ ਇਹ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀ ਨੌਕਰੀਆਂ ਪੱਕੀਆਂ ਕੀਤੀਆਂ ਜਾਣ। ਉਨ੍ਹਾਂ ਨੇ ਪੰਜਾਬ ਵਿੱਚ ਇਸ ਨੂੰ ਲੈ ਕੇ ਕਾਫ਼ੀ ਰੋਸ ਮੁਜ਼ਾਹਰੇ ਵੀ ਕੀਤੇ। ਪਿਛਲੇ ਮਹੀਨੇ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ 14,417 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਸਰਕਾਰ ਦੇ ਫ਼ੈਸਲੇ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ।

ਐੱਮਐੱਸਪੀ

ਪੰਜਾਬ ਸਰਕਾਰ ਨੇ ਕਣਕ-ਝੋਨੇ ਦੇ ਚੱਕਰ ਨੂੰ ਤੋੜਨ ਅਤੇ ਕਿਸਾਨਾਂ ਨੂੰ ਵਿਕਲਪ ਦੇਣ ਦਾ ਸੰਕੇਤ ਦਿੰਦੇ ਹੋਏ ‘ਮੂੰਗੀ’ ‘ਤੇ ਐੱਮਐੱਸਪੀ ਦੇਣ ਦੀ ਯੋਜਨਾ ਦਾ ਐਲਾਨ ਕੀਤਾ। ਸਰਕਾਰ ਦਾ ਮਕਸਦ ਕਿਸਾਨਾਂ ਨੂੰ ਇਸ ਦੀ ਖੇਤੀ ਕਰਨ ਲਈ ਪ੍ਰੇਰਿਤ ਕਰਨਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰ ਰਹੀ ਹੈ ਅਤੇ ਬਦਲਵੀਆਂ ਫ਼ਸਲਾਂ ਦੇ ਮੰਡੀਕਰਨ ਦਾ ਮੁੱਦਾ ਵੀ ਭਾਰਤ ਸਰਕਾਰ ਕੋਲ ਚੁੱਕਿਆ ਹੈ।

ਪਰ ਵਿਰੋਧੀ ਪਾਰਟੀਆਂ ਨੇ ਇਹ ਕਹਿ ਕੇ ਸਰਕਾਰ ‘ਤੇ ਹਮਲਾ ਬੋਲਿਆ ਕਿ ਸਰਕਾਰ ਮੰਡੀਆਂ ਵਿੱਚ ਆ ਰਹੀ ਫ਼ਸਲ ਨੂੰ ਖ਼ਰੀਦਣ ਵਿਚ ਟਾਲ ਮਟੋਲ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਸਿਰਫ਼ 10 ਫ਼ੀਸਦੀ ਫ਼ਸਲ ਹੀ ਖ਼ਰੀਦੀ ਗਈ ਹੈ ਅਤੇ ਜ਼ਿਆਦਾਤਰ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਤੋਂ ਬਹੁਤ ਘੱਟ ਭਾਅ ‘ਤੇ ਵੇਚਣ ਲਈ ਮਜਬੂਰ ਹਨ।

ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ

ਭਗਵੰਤ ਮਾਨ ਸਰਕਾਰ ਨੂੰ ਸੱਤਾ ‘ਚ ਆਏ ਤਿੰਨ ਮਹੀਨੇ ਵੀ ਨਹੀਂ ਹੋਏ ਸਨ ਕਿ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਕੇਸ ਵਿੱਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਮੂਸੇਵਾਲਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਕਿਉਂਕਿ “ਕਤਲ ਦੇ ਪਿੱਛੇ ਵੱਡੇ ਨਾਮ” ਫੜੇ ਨਹੀਂ ਗਏ ਹਨ।

ਫਿਰ ਫ਼ਰੀਦਕੋਟ ਦੇ ਕੋਟਕਪੂਰਾ ਵਿੱਚ ਤਿੰਨ ਬਾਈਕ ਸਵਾਰ 6 ਵਿਅਕਤੀਆਂ ਨੇ ਡੇਰਾ ਸੱਚਾ ਸੌਦਾ ਦੇ ਪ੍ਰਦੀਪ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸੇ ਤਰ੍ਹਾਂ ਨਕੋਦਰ ਸ਼ਹਿਰ ਵਿੱਚ ਇੱਕ ਹੋਰ ਘਟਨਾ ਵਿੱਚ ਦਸੰਬਰ ਮਹੀਨੇ ਵਿੱਚ ਇੱਕ 39 ਸਾਲਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਗੰਨਮੈਨ ਵੀ ਇਸੇ ਘਟਨਾ ਵਿੱਚ ਮਾਰਿਆ ਗਿਆ ਸੀ।

ਬਹੁਤ ਸਾਰੇ ਗੈਂਗਸਟਰਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ। ਵਿਰੋਧੀ ਪਾਰਟੀਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ‘ਤੇ ਹਮਲਾ ਕਰਨ ਦਾ ਕੋਈ ਮੌਕਾ ਨਹੀਂ ਛੱਡਿਆ। ਪਰ ਭਗਵੰਤ ਮਾਨ ਨੇ ਸਦਨ ਵਿਚ ਕਿਹਾ ਕਿ ਇਸ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੂੰ ਆਪਣੀਆਂ ਸਰਕਾਰਾਂ ਅਧੀਨ ਰਾਜਾਂ ਦੇ ਤੱਥਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ, ਜੋ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਤੋਂ ਬਹੁਤ ਹੇਠਾਂ ਹਨ।

ਔਰਤਾਂ ਨਾਲ ਕੀਤਾ ਵਾਅਦਾ ਹਾਲੇ ਤੱਕ ਨਹੀਂ ਹੋਇਆ ਪੂਰਾ

ਆਮ ਆਦਮੀ ਪਾਰਟੀ ਨੇ ਇੱਕ ਵੱਡੀ ਗਰੰਟੀ ਇਹ ਵੀ ਦਿੱਤੀ ਹੋਈ ਸੀ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਦਿੱਤਾ ਜਾਏਗਾ। ਪਰ ਇਸ ਵਾਰ ਦੇ ਬਜਟ ਵਿਚ ਵੀ ਜਦੋਂ ਇਸ ਗਾਰੰਟੀ ਦਾ ਜ਼ਿਕਰ ਨਹੀਂ ਆਇਆ ਤਾਂ ਕਾਂਗਰਸ ਦੇ ਆਗੂ ਰਾਜਾ ਵੜਿੰਗ ਸਮੇਤ ਕਈ ਆਗੂਆਂ ਨੇ ਸਰਕਾਰ ਨੂੰ ਘੇਰਿਆ।