Punjab

ਚੰਡੀਗੜ੍ਹ ‘ਚ ਕੰਪਿਊਟਰ ਅਧਿਆਪਕਾਂ ‘ਤੇ ਲਾਠੀਚਾਰਜ, ਬੱਸਾਂ ‘ਚ ਜਬਰੀ ਬਿਠਾ ਕੇ ਥਾਣੇ ਡੱਕੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੇ ਕੰਪਿਊਟਰ ਅਧਿਆਪਕਾਂ ਉੱਤੇ ਲਾਠੀਚਾਰਜ ਕਰਕੇ ਵੱਖ ਬੱਸਾਂ ਵਿੱਚ ਜਬਰੀ ਬਿਠਾ ਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ । ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਕਰਨ ਦੇ ਵਿਰੋਧ ਵੱਜੋਂ ਕੰਪਿਊਟਰ ਅਧਿਆਪਕਾਂ ਨੇ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ।

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਦੱਸਿਆ ਕਿ ਅੱਜ ਦੇ ਵਿਰੋਧ ਪ੍ਰਦਰਸ਼ਨ ਵਿੱਚ ਅਧਿਆਪਕਾਂ ਦੀ ਗਿਣਤੀ 800 ਦੇ ਕਰੀਬ ਸੀ। ਵਿਧਾਨ ਸਭਾ ਤੋਂ ਤਕਰੀਬਨ 800 ਮੀਟਰ ਦੂਰੀ ਤੋਂ ਪਹਿਲਾਂ ਚੰਡੀਗੜ ਪੁਲਿਸ ਵੱਲੋਂ ਕੰਪਿਊਟਰ ਅਧਿਆਪਕਾਂ ਉੱਤੇ ਲਾਠੀਚਾਰਜ ਕੀਤਾ। ਪੁਲਿਸ ਨੇ ਅਧਿਆਪਕਾਂ ਨੂੰ ਜਬਰੀ ਬੱਸਾਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈ ਕੇ ਵਖ ਵਖ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸ਼ਾਂਤੀਪੂਰਨ ਹੱਕੀ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ, ਸਗੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ ਨੂੰ ਹੋਰ ਤੇਜ ਕੀਤਾ ਜਾਵੇਗਾ।

ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦਾ ਪ੍ਰੈੱਸ ਨੂੰ ਭੇਜਿਆ ਆਡੀਓ ਬਿਆਨ ਹੇਠ ਸੁਣ ਸਕਦੇ ਹੋ।

ਦੱਸ਼ ਦੇਈਏ ਕਿ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਵਿੱਚ ਉਲੀਕੇ ਗਏ ਵਿਧਾਨ ਸਭਾ ਘਿਰਾਓ ਦੇ ਸੰਘਰਸ਼ ਦੇ ਦੌਰਾਨ ਵੱਡੀ ਗਿਣਤੀ ਵਿੱਚ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਿਰਕਤ ਕਰਦੇ ਹੋਏ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਇਕੱਤਰ ਹੋਏ ਸੂਬੇ ਭਰ ਦੇ ਸੈਂਕੜੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਅਤੇ ਹੋਰਨਾਂ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਉਨਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਉਨਾਂ ਦੇ ਬਣਦੇ ਜਾਇਜ਼ ਹੱਕ ਬਹਾਲ ਨਹੀਂ ਕੀਤੇ ਜਾ ਰਹੇ ਹਨ ਜਿਸ ਕਰਕੇ ਉਹਨਾਂ ਨੂੰ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ ਉਹਨਾਂ ਕਿਹਾ ਕਿ ਉਹ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਉਹਨਾਂ ਦੀ ਇੱਕ ਨਹੀਂ ਸੁਣੀ। ਪ੍ਰਧਾਨ ਗੁਰਵਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਵੱਲੋਂ ਉਨਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਹਨਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਅੱਜ ਉਹੀ ਆਗੂ ਉਹਨਾਂ ਦੀ ਗੱਲ ਸੁਣਨ ਤੱਕ ਤਿਆਰ ਨਹੀਂ ਹਨ।

ਅਧਿਆਪਕ ਆਗੂ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਆ ਜਨਤਕ ਤੌਰ ਤੇ ਐਲਾਨ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ ਮੰਨਦੇ ਹੋਏ ਉਹਨਾਂ ਨੂੰ ਦਿਵਾਲੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਸੀ। ਪਰ ਉਹ ਐਲਾਨ ਚੋਣ ਜੁਮਲਾ ਹੀ ਨਿਕਲਿਆ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਜਨਤਕ ਸਮਾਗਮਾਂ ਦੇ ਦੌਰਾਨ ਉਨਾਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕਰ ਚੁੱਕੇ ਹਨ ਪਰ ਉਹਨਾਂ ਦੀ ਆਸ ਨੂੰ ਅਜੇ ਤੱਕ ਬੂਰ ਨਹੀਂ ਪਿਆ ਹੈ।

ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਜਿੱਥੇ ਅੰਮ੍ਰਿਤਸਰ ਵਿਖੇ ਕੰਪਿਊਟਰ ਅਧਿਆਪਕ ਵਿਕਾਸ ਕੁਮਾਰ ਵੱਲੋਂ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਜਿਸ ਵਿਚ ਸਾਰੇ ਪੰਜਾਬ ਦੇ ਕੰਪਿਊਟਰ ਜ਼ਿਲ੍ਹਾ ਵਾਰ ਉੱਥੇ ਪੁੱਜ ਕੇ ਰੋਸ ਪ੍ਰਗਟ ਕਰ ਰਹੇ ਹਨ , ਉੱਥੇ ਕੰਪਿਊਟਰ ਅਧਿਆਪਕਾਂ ਵੱਲੋਂ ਵੱਖ-ਵੱਖ ਸੰਘਰਸ਼ ਐਕਸ਼ਨਾਂ ਦੌਰਾਨ ਆਪਣੇ ਹੱਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਦੇ ਲਈ ਹਰ ਤਰ੍ਹਾਂ ਦਾ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ ਪਰ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜੋ ਕਿ ਨਿੰਦਣਯੋਗ ਹੈ ਅਤੇ ਇਸਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।

ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਹਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਉਹਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇ ਅਤੇ ਜੇਕਰ ਸਮਾਂ ਰਹਿੰਦੇ ਸੂਬਾ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਮੀਤ ਪ੍ਰਧਾਨ ਪਰਮਵੀਰ ਸਿੰਘ ਪੰਮੀ, ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ, ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਏਕਮਕਾਰ ਸਿੰਘ, ਸਿਕੰਦਰ ਸਿੰਘ, ਰਮਨ ਕੁਮਾਰ ਜਲੰਧਰ, ਰੋਬਿਨ ਸ਼ਰਮਾ ਮਲੇਰਕੋਟਲਾ ਆਦਿ ਦੇ ਨਾਲ ਨਾਲ ਸਮੂਹ ਸੂਬਾ ਕਮੇਟੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

ਡੀ ਟੀ ਐੱਫ ਵੱਲੋਂ ਕੰਪਿਊਟਰ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਨਿਖੇਧੀ

ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੂਰੇ ਤਨਖਾਹ ਸਕੇਲਾਂ ਸਮੇਤ ਸਿੱਖਿਆਂ ਵਿਭਾਗ ਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਤੇ ਚੰਡੀਗੜ੍ਹ ਵਿਖੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ ਕਰਨ ਅਤੇ ਉਹਨਾਂ ਨੂੰ ਜੇਲ੍ਹਾਂ ਚ ਡੱਕਣ ਦੀ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਮਾਨਸਾ, ਸਕੱਤਰ ਅਮੋਲਕ ਡੇਲੂਆਣਾ, ਮੀਤ ਪ੍ਰਧਾਨ ਅਸ਼ਵਨੀ ਖੁਡਾਲ, ਜਸਵੀਰ ਭੱਮਾ, ਪਰਮਜੀਤ ਸਿੰਘ ਬੱਪੀਆਣਾ ਨੇ ਸਖ਼ਤ ਨਿਖੇਧੀ ਕਰਦਿਆਂ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ਼ ਕਰਨ ਦੀ ਮੰਗ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਰੱਲੀ, ਹੰਸਾਂ ਸਿੰਘ ਡੇਲੂਆਣਾ, ਕੌਰ ਸਿੰਘ ਫੱਗੂ, ਗੁਰਲਾਲ ਸਿੰਘ ਗੁਰਨੇ, ਗੁਰਜੀਤ ਸਿੰਘ, ਨੇ ਦੱਸਿਆਂ ਕਿ ਕੰਪਿਊਟਰ ਅਧਿਆਪਕ ਪਿਛਲੇ ਲਗਪਗ ਅਠਾਰਾਂ ਸਾਲਾਂ ਤੋਂ ਸਿੱਖਿਆ ਵਿਭਾਗ ਅਧੀਨ ਸਕੂਲਾਂ ਚ ਸੇਵਾਵਾਂ ਨਿਭਾਅ ਰਹੇ ਹਨ। ਪ੍ਰੰਤੂ ਸਰਕਾਰ ਦੁਆਰਾ ਇਹਨਾਂ ਅਧਿਆਪਕਾਂ ਨੂੰ ਸੁਸਾਇਟੀ ਅਧੀਨ ਰੱਖ ਕੇ ਇਹਨਾਂ ਦਾ ਆਰਥਿਕ ਤੇ ਮਾਨਸਿਕ ਸੋਸਣ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ਼ ਕਰਨ ਸਬੰਧੀ ਸੋਸ਼ਲ ਮੀਡੀਆ ਤੇ ਬਿਆਨ ਜਾਰੀ ਕੀਤਾ ਗਿਆ ਸੀ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ਼ ਕਰਕੇ ਦੀਵਾਲੀ ਦਾ ਤੋਹਫ਼ਾ ਦੇਣਗੇ। ਪ੍ਰੰਤੂ ਉਹਨਾਂ ਦਾ ਐਲਾਨ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ।