Punjab

ਕਾਂਗਰਸ ਆਪਣੀ ਗੱਲ ਤੋਂ ਫਿਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ 2022 ਦੀਆਂ ਚੋਣਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲੜਨ ਵਾਲੇ ਬਿਆਨ ਕਾਰਨ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਹੁਣ ਸਫਾਈ ਦਿੰਦਿਆਂ ਕਿਹਾ ਕਿ ਚੰਨੀ ਅਤੇ ਸਿੱਧੂ ਦੋਵੇਂ ਹੀ 2022 ਲਈ ਕਾਂਗਰਸ ਦਾ ਚਿਹਰਾ ਹੋਣਗੇ। ਉਨ੍ਹਾਂ ਕਿਹਾ ਕਿ ਚੰਨੀ ਬਤੌਰ ਮੁੱਖ ਮੰਤਰੀ ਕਾਂਗਰਸ ਦਾ ਚਿਹਰਾ ਹੋਣਗੇ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਤੌਰ ’ਤੇ ਸਿੱਧੂ ਵੀ ਉਨ੍ਹਾਂ ਦੇ ਨਾਲ ਕਾਂਗਰਸ ਦਾ ਚਿਹਰਾ ਹੋਣਗੇ ਅਤੇ ਬਾਕੀ ਸਾਰੇ ਲੀਡਰ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੀ ਜਿੱਤ ਲਈ ਕੰਮ ਕਰਨਗੇ।

ਸੂਰਜੇਵਾਲਾ ਨੇ ਕਿਹਾ ਕਿ ਭਾਜਪਾ, ਬਸਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਝੂਠ ਅਤੇ ਭਰਮ ਫ਼ੈਲਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਘਬਰਾਏ ਇਹ ਦਲ ਦਲਿਤਾਂ ’ਤੇ ਹੀ ਹਮਲਾ ਬੋਲ ਰਹੇ ਹਨ। ਦਰਅਸਲ, ਹਰੀਸ਼ ਰਾਵਤ ਵੱਲੋਂ 2022 ਦੀਆਂ ਚੋਣਾਂ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲੜਨ ਦਾ ਬਿਆਨ ਦਿੱਤਾ ਗਿਆ ਸੀ।