The Khalas Tv Blog Punjab ਕਾਂਗਰਸ ਵੱਲੋਂ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ, ਇਲੈਕਸ਼ਨ ਕਮਿਸ਼ਨ ਨਾਲ ਕੀਤੀ ਮੁਲਾਕਾਤ
Punjab

ਕਾਂਗਰਸ ਵੱਲੋਂ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ, ਇਲੈਕਸ਼ਨ ਕਮਿਸ਼ਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਕਾਂਗਰਸ ( Punjab Congress) ਵੱਲੋਂ ਅੱਜ ਪੰਚਾਇਤੀ ਚੋਣਾਂ ( Panchayat elections)  ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਅੱਜ ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਮੁਲਾਕਾਤ ਕਰਕੇ, ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਦੋਸ਼ ਲਾਇਆ ਕਿ, ਪੰਚਾਇਤੀ ਚੋਣਾਂ ‘ਚ ਵੱਡੇ ਪੱਧਰ ‘ਤੇ ਧਾਂਦਲੀ ਹੋਈ ਹੈ, ਜਿਸ ਦੇ ਕਈ ਮਾਮਲੇ ਹਾਈਕੋਰਟ ਤੱਕ ਪਹੁੰਚ ਚੁੱਕੇ ਹਨ ਅਤੇ ਜਿਸ ਤਰ੍ਹਾਂ ਨਾਲ ਚੋਣਾਂ ਨੂੰ ਵੱਡੇ ਪੱਧਰ ‘ਤੇ ਰੱਦ ਕੀਤਾ ਗਿਆ ਹੈ, ਅਸੀਂ ਚੋਣਾਂ ਨੂੰ 3 ਹਫਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕਿਉਂਕਿ ਇਸ ਮਾਮਲੇ ‘ਚ ਹਾਈਕੋਰਟ ਨੇ ਕਈ ਥਾਵਾਂ ‘ਤੇ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ। ਉਨ੍ਹਾਂ ਹਾਈ ਕੋਰਟ ਵਿੱਚ ਚੋਣ ਪ੍ਰਕਿਰਿਆ ਕਰਵਾਉਣ ਦੀ ਵੀ ਦਲੀਲ ਦਿੱਤੀ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਕਈ ਮੁੱਦੇ ਉਠਾਏ ਹਨ।

ਕਾਂਗਰਸ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣੀਆਂ ਹਨ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੌਰਾਨ ਖਾਸ ਕਰਕੇ ਆਖਰੀ ਦਿਨ ਹਫੜਾ-ਦਫੜੀ ਅਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ। ਇਨ੍ਹਾਂ ਨੇ ਨਾ ਸਿਰਫ਼ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਢਾਹ ਲਾਈ ਹੈ ਸਗੋਂ ਇਨ੍ਹਾਂ ਚੋਣਾਂ ਦੀ ਨਿਰਪੱਖਤਾ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਝੜਪਾਂ, ਪ੍ਰਸ਼ਾਸਨਿਕ ਕੁਪ੍ਰਬੰਧਾਂ ਅਤੇ ਬਹੁਤ ਸਾਰੇ ਉਮੀਦਵਾਰਾਂ ਨੂੰ ਉਨ੍ਹਾਂ ਦੇ ਭਾਗ ਲੈਣ ਦੇ ਅਧਿਕਾਰ ਤੋਂ ਵਾਂਝੇ ਕੀਤੇ ਜਾਣ ਦੀਆਂ ਵਿਆਪਕ ਰਿਪੋਰਟਾਂ ਦੇ ਮੱਦੇਨਜ਼ਰ, ਮੈਂ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਨੂੰ ਘੱਟੋ-ਘੱਟ ਤਿੰਨ ਹਫ਼ਤਿਆਂ ਤੱਕ ਮੁਲਤਵੀ ਕਰਨ ਬਾਰੇ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਪ੍ਰਕਿਰਿਆ ਨੂੰ ਹੋਰ ਸੰਗਠਿਤ ਅਤੇ ਬਰਾਬਰ ਬਣਾਇਆ ਜਾ ਸਕੇ।

 

Exit mobile version