ਬਿਊਰੋ ਰਿਪੋਰਟ (6 ਫਰਵਰੀ, 2026): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਬਾਹਰ (Expel) ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਅੰਮ੍ਰਿਤਸਰ ਵਿਖੇ ਡਾ. ਰਾਜ ਕੁਮਾਰ ਵੇਰਕਾ ਦੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕੀਤੀ।
ਪਹਿਲਾਂ ਸਸਪੈਂਡ, ਹੁਣ ਬਰਖ਼ਾਸਤ
ਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਨਵਜੋਤ ਕੌਰ ਸਿੱਧੂ ਪਹਿਲਾਂ ਪਾਰਟੀ ਵਿੱਚੋਂ ਮੁਅੱਤਲ (Suspend) ਸਨ, ਪਰ ਹੁਣ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਡਾ. ਨਵਜੋਤ ਕੌਰ ਨੇ ਖ਼ੁਦ ਵੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ, ਪਰ ਹੁਣ ਪਾਰਟੀ ਨੇ ਅਧਿਕਾਰਤ ਤੌਰ ’ਤੇ ਉਨ੍ਹਾਂ ਵਿਰੁੱਧ ਕਾਰਵਾਈ ਕਰ ਦਿੱਤੀ ਹੈ। ਹਾਲਾਂਕਿ, ਅਜੇ ਤੱਕ ਪਾਰਟੀ ਵੱਲੋਂ ਕੋਈ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਗਿਆ।
ਸਿੱਧੂ ਪਰਿਵਾਰ ਅਤੇ ਕਾਂਗਰਸ ਵਿਚਾਲੇ ਵਿਵਾਦ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਵੇਲੇ ਸ਼ੁਰੂ ਹੋਇਆ ਸੀ। ਹਾਲ ਹੀ ਵਿੱਚ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਹਾਈਕਮਾਨ ’ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਕੋਲ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦਾ ‘ਅਟੈਚੀ’ ਨਹੀਂ ਹੈ। ਉਨ੍ਹਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ’ਤੇ ਟਿਕਟਾਂ ਵੇਚਣ ਦੇ ਵੀ ਇਲਜ਼ਾਮ ਲਗਾਏ ਸਨ, ਜਿਸ ਤੋਂ ਬਾਅਦ 8 ਦਸੰਬਰ ਨੂੰ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਸੀ।

