‘ਦ ਖਾਲਸ ਬਿਉਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਰੈਲੀ ਨੂੰ ਸੰਬੋਧਨ ਕੀਤੇ ਵਾਪਸ ਜਾਣ ‘ਤੇ ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਭ ਨੂੰ ਕਾਂਗਰਸ ਦੀ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ 1980 ਵਾਲੇ ਹਾਲਾਤ ਬਣਾਉਣ ਦੀਆਂ ਕੋਸ਼ਿਸ਼ਾਂ ਵਿੱਚ ਹੈ। ਲੋਕਾਂ ਦਾ ਸੜਕਾਂ ‘ਤੇ ਆਉਣਾ ਇੱਕ ਵੱਡੀ ਸਾਜ਼ਸ਼ ਦਾ ਹਿੱਸਾ ਹੈ, ਜਿਸ ਪਿੱਛੇ ਕਾਂਗਰਸ ਦੀ ਗੰਦੀ ਨੀਅਤ ਕੰਮ ਕਰ ਰਹੀ ਹੈ। ਉਹਨਾਂ ਆਮ ਲੋਕਾਂ ਅਤੇ ਕਿਸਾਨਾਂ ਨੂੰ ਇਸ ਸਾਜਿਸ਼ ਨੂੰ ਸਮਝਣ ਦੀ ਅਪੀਲ ਕੀਤੀ ਤੇ ਮੋਦੀ ਦੀ ਦੂਰ ਅੰਦੇਸ਼ੀ ਦੀ ਤਾਰੀਫ ਕਰਦਿਆਂ ਕਿਹਾ ਕਿ ਉਹਨਾਂ ਨੇ ਹਾਲਾਤਾਂ ਨੂੰ ਦੇਖਦੇ ਹੋਏ ਰੈਲੀ ਰੱਦ ਕਰਨ ਦਾ ਫੈਸਲਾ ਲੈ ਕੇ ਆਪਣੀ ਸਿਆਣਪ ਦਾ ਸਬੂਤ ਦਿਤਾ ਹੈ।
