Punjab

CM ਮਾਨ ਨੇ ਆਪਣੇ ਜੱਦੀ ਪਿੰਡ ਲਈ ਐਲਾਨੇ 4.29 ਕਰੋੜ, ਖਹਿਰਾ ਨੇ ਲਾਇਆ ਪੱਖਪਾਤ ਕਰਨ ਦਾ ਦੋਸ਼

Congress leader Sukhpal khaira cm Bhagwant Mann, Punjab

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਨੇ ਆਪਣੇ ਜੱਦੀ ਪਿੰਡ ਸਤੌਜ ਦੇ ਵਿਕਾਸ ਲਈ 4.29 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਟ੍ਰਿਬਿਊਨ ਵਿੱਚ ਛਪੀ ਇਸ ਖ਼ਬਰ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਇਸ ਮਾਮਲੇ ਵਿੱਚ ਕਾਂਗਰਸ ਆਗੂ ਸੁਖਪਾਲ ਖਹਿਰਾ(Sukhpal Singh Khaira) ਨੇ ਪੰਜਾਬ ਸਰਕਾਰ ਉੱਤੇ ਸੂਬੇ ਦੇ ਹੋਰਨਾਂ ਪਿੰਡਾਂ ਨਾਲ ਪੱਖਪਾਤ ਕਰਨ ਦਾ ਦੋਸ਼ ਲਾਇਆ ਹੈ।

ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ‘ਭਗਵੰਤ ਮਾਨ ਵੱਲੋਂ ਆਪਣੇ ਪਿੰਡ ਲਈ 4.29 ਕਰੋੜ ਰੁਪਏ ਅਲਾਟ ਕਰਨਾ ਘੋਰ ਪੱਖਪਾਤ ਹੈ। ਕਿਉਂਕਿ 13 ਹਜ਼ਾਰ ਪਿੰਡਾਂ ਅਤੇ ਸ਼ਹਿਰਾਂ ਨੂੰ ਵਿਕਾਸ ਲਈ ਇੱਕ ਪੈਸਾ ਵੀ ਨਹੀਂ ਮਿਲਿਆ ਹੈ! ਇਸ ਦੇ ਉਲਟ ਕਾਂਗਰਸ ਸਰਕਾਰ ਦੀਆਂ ਪਿਛਲੀਆਂ ਸਾਰੀਆਂ ਵਿਕਾਸ ਗ੍ਰਾਂਟਾਂ ਨੂੰ ਵੀ ਸਰਕਾਰ ਨੇ ਵਾਪਸ ਲੈ ਲਿਆ ਹੈ! ਇਹ ਸਰਕਾਰੀ ਅਹੁਦੇ ਦੀ ਦੁਰਵਰਤੋਂ ਅਤੇ ਵਿਤਕਰਾ ਹੈ!’

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਪਣੇ ਜੱਦੀ ਪਿੰਡ ਸਤੌਜ ਵਿਖੇ ਲੋਹੜੀ ਮਨਾਈ। ਇਸ ਮੌਕੇ ਉਨ੍ਹਾਂ ਪਿੰਡ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਸਮਾਂ ਬਿਤਾਇਆ। ਉਨ੍ਹਾਂ ਨੇ ਆਪਣੇ ਬਜ਼ੁਰਗਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਆਪਣੀ ਸਰਕਾਰ ਦੇ ਕੰਮਕਾਜ ਵਿੱਚ ਹੋਰ ਸੁਧਾਰ ਕਰਨ ਦਾ ਭਰੋਸਾ ਵੀ ਦਿੱਤਾ।

ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਤੌਜ ਵਿੱਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਨੇ 4.29 ਕਰੋੜ ਰੁਪਏ ਮਨਜ਼ੂਰ ਕੀਤੇ ਹਨ।

ਆਪ ਦੇ ਸੰਗਰੂਰ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ “ ਮੁੱਖ ਮੰਤਰੀ ਦਾ ਆਪਣੀ ਪਤਨੀ ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਦੇ ਨਾਲ ਆਪਣੇ ਜੱਦੀ ਪਿੰਡ ਦਾ ਨਿੱਜੀ ਦੌਰਾ ਸੀ। ਮੁੱਖ ਮੰਤਰੀ ਨੇ ਬਕਾਇਆ ਕੰਮਾਂ ਬਾਰੇ ਵਸਨੀਕਾਂ ਤੋਂ ਫੀਡਬੈਕ ਲਿਆ।”

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਬੀਤੀ ਸ਼ਾਮ ਸੰਗਰੂਰ ਸਥਿਤ ਉਨ੍ਹਾਂ ਦੇ ਘਰ ਪਹੁੰਚੇ। ਇੱਥੇ ਇੱਕ ਰਾਤ ਬਿਤਾਉਣ ਤੋਂ ਬਾਅਦ ਉਹ ਐਤਵਾਰ ਨੂੰ ਆਪਣੇ ਪਿੰਡ ਚਲਾ ਗਏ, ਜਿੱਥੇ ਉਹ ਕਰੀਬ 2.30 ਘੰਟੇ ਰੁਕੇ। ਸਰਪੰਚ ਚਰਨ ਸਿੰਘ ਨੇ ਕਿਹਾ ਕਿ “ਮੁੱਖ ਮੰਤਰੀ ਲੋਹੜੀ ਮਨਾਉਣ ਪਿੰਡ ਆਏ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।”