India

ਰਾਹੁਲ ਗਾਂਧੀ ਨੂੰ ਇਸ ਅਦਾਲਤ ਨੇ ਸੁਣਾਈ ਸਜ਼ਾ,ਬਣਿਆ ਆਹ ਕਾਰਨ

ਸੂਰਤ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਗੁਜਰਾਤ ਦੀ ਇੱਕ ਅਦਾਲਤ ਨੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਹੈ ਪਰ ਨਾਲ ਹੀ ਉਹਨਾਂ ਨੂੰ ਜ਼ਮਾਨਤ ਵੀ ਮਿਲ ਗਈ ਹੈ। ਦਰਅਸਲ ਇਹ ਮਾਮਲਾ ਸੰਨ 2019 ਚੋਣਾਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਵਾਦਤ ਟਿੱਪਣੀ ਨਾਲ ਜੁੜਿਆ ਹੋਇਆ ਹੈ।

ਰਾਹੁਲ ਗਾਂਧੀ ਵਲੋਂ ‘ਮੋਦੀ ਸਰਨੇਮ’ ਵਾਲੀ ਵਿਵਾਦਤ ਟਿਪਣੀ ਕੀਤੇ ਜਾਣ ਤੋਂ ਬਾਅਦ ਮਾਣਹਾਨੀ ਦੇ ਕੇਸ ਵਿੱਚ ਸੂਰਤ, ਗੁਜਰਾਤ ਦੀ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਠਹਿਰਾਇਆ ਅਤੇ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਬਾਅਦ ‘ਚ ਰਾਹੁਲ ਗਾਂਧੀ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਹਾਲਾਂਕਿ ਇਹ ਜ਼ਮਾਨਤ 30 ਦਿਨਾਂ ਲਈ ਦਿੱਤੀ ਗਈ ਹੈ ,ਜਿਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਦੇ ਫੈਸਲੇ ਦੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਕਰਨ ਦੀ ਇਜਾਜ਼ਤ ਰਾਹੁਲ ਗਾਂਧੀ ਨੂੰ ਦਿੱਤੀ ਗਈ ਹੈ।

ਇਹ ਕੇਸ ਭਾਰਤੀ ਦੰਡਾਵਲੀ ਦੀ ਧਾਰਾ 499 ਅਤੇ 500 (ਮਾਨਹਾਨੀ) ਦੇ ਤਹਿਤ ਦਰਜ ਕੀਤਾ ਗਿਆ ਸੀ ਤੇ ਰਾਹੁਲ ਦੇ ਵਿਵਾਦਿਤ ਬਿਆਨ ਦੇ ਖਿਲਾਫ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।। ਇਸ ਮਾਮਲੇ ‘ਚ ਫੈਸਲਾ ਸੁਣਾਏ ਜਾਣ ਸਮੇਂ ਕਾਂਗਰਸੀ ਸੰਸਦ ਰਾਹੁਲ ਗਾਂਧੀ ਸੂਰਤ ਜ਼ਿਲ੍ਹਾ ਅਦਾਲਤ ‘ਚ ਮੌਜੂਦ ਸਨ।

ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ‘ਤੇ ਇਹ ਇਲਜ਼ਾਮ ਸੀ ਕਿ ਉਹਨਾਂ ਨੇ 13 ਅਪ੍ਰੈਲ 2019 ਨੂੰ ਕਰਨਾਟਕ ਦੇ ਕੋਲਾਰ ਵਿੱਚ ਇੱਕ ਚੋਣ ਰੈਲੀ ਵਿੱਚ ਕਥਿਤ ਤੋਰ ‘ਤੇ ਇਹ ਟਿੱਪਣੀ ਕੀਤੀ ਸੀ ਕਿ ਨੀਰਵ ਮੋਦੀ, ਲਲਿਤ ਮੋਦੀ, ਨਰਿੰਦਰ ਮੋਦੀ ਦਾ ਉਪਨਾਮ ਇਕੋ ਜਿਹਾ ਕਿਉਂ ਹੈ? ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ? ਹੁਣ ਇਸ ਬਿਆਨ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।