India

ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਦੇ ਮੱਦੇਨਜ਼ਰ ਹੀ ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਕੀਤੀ ਜਾਵੇਗੀ ਵਿਚਾਰ – ਭਾਰਤ

‘ਦ ਖ਼ਾਲਸ ਬਿਊਰੋ:- ਭਾਰਤ ਨੇ ਕਰਤਾਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਕਿਹਾ ਕਿ ਦੇਸ਼ ਵਿੱਚ ਕੋਰੋਨਾ ਦੇ ਹਾਲਾਤ ਤੇ ਪਾਬੰਦੀਆਂ ’ਚ ਛੋਟ ਦੇ ਆਧਾਰ ’ਤੇ ਹੀ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ।  ਵਿਦੇਸ਼ ਵਿਭਾਗ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਇਹ ਟਿੱਪਣੀ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਸਬੰਧੀ ਪੇਸ਼ ਕੀਤੀ ਤਜਵੀਜ਼ ਦੇ ਮੱਦੇਨਜ਼ਰ ਕੀਤੀ ਹੈ।

ਉਨ੍ਹਾਂ ਕਿਹਾ ਕਿ, ‘ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ, ਕੋਵਿਡ-19 ਦੇ ਮੱਦੇਨਜ਼ਰ ਇਹ ਲਾਂਘਾ ਬੰਦ ਕੀਤਾ ਗਿਆ ਸੀ। ਅਸੀਂ ਕੇਂਦਰੀ ਗ੍ਰਹਿ ਤੇ ਸਿਹਤ ਮੰਤਰਾਲੇ ਸਮੇਤ ਸਾਰੀਆਂ ਅਥਾਰਿਟੀਆਂ ਨਾਲ ਲਗਾਤਾਰ ਸੰਪਰਕ ’ਚ ਹਾਂ।  ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਫ਼ੈਸਲਾ ਕੋਰੋਨਾਵਾਇਰਸ ਦੀ ਦੇਸ਼ ਵਿਚਲੀ ਸਥਿਤੀ ਤੇ ਪਾਬੰਦੀਆਂ ’ਚ ਦਿੱਤੀਆਂ ਜਾ ਰਹੀਆਂ ਰਾਹਤਾਂ ’ਤੇ ਵਿਚਾਰ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ।’  ਸ੍ਰੀਵਾਸਤਵ ਨੇ ਕਿਹਾ ਕਿ ‘ਪਾਕਿਸਤਾਨ ਵੱਲੋਂ ਅਜੇ ਬੁੱਢੀ ਰਾਵੀ ਨਦੀ ’ਤੇ ਪੁਲ ਬਣਾਇਆ ਜਾਣਾ ਹੈ, ਜਿਸ ਦਾ ਉਸ ਨੇ ਪਿਛਲੇ ਸਾਲ ਵਾਅਦਾ ਕੀਤਾ ਸੀ’।