India Punjab

ਬੇ ਅਦਬੀ ਮਾਮਲਾ : ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ‘ਚ ਰਚੀ ਗਈ ਸੀ ਸਾਜਿਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬਲਾਤ ਕਾਰੀ ਅਤੇ ਕਾ ਤਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਦਾਅਵਾ ਕੀਤਾ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ ਮੌਜੂਦ ਸੀ। ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਧਿਕਾਰੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿੱਚ ਪੁੱਛ-ਪੜਤਾਲ ਕੀਤੀ ਗਈ ਸੀ ਪਰ ਉਸ ਨੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਅਸਲੀਅਤ ਛਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਬੇਅਦਬੀ ਕਾਂਡ ਵਿੱਚ ਡੇਰਾ ਮੁਖੀ ਦੀ ਗ੍ਰਿਫ਼ਤਾਰੀ ਲਾਜ਼ਮੀ ਹੈ।

ਜਾਂਚ ਟੀਮ ਨੇ ਡੇਰਾ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕਰਦਿਆਂ ਉਸ ਦੇ ਪ੍ਰੋਡਕਸ਼ਨ ਵਾਰੰਟਾਂ ਵਾਲੇ ਹੁਕਮ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਜਾਂਚ ਟੀਮ ਦੀ ਰਿਪੋਰਟ ਆਉਣ ਮਗਰੋਂ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਲਈ ਨਿਸ਼ਚਿਤ ਕੀਤੀ ਹੈ। ਉਸ ਦਿਨ ਇਸ ਮਾਮਲੇ ਵਿੱਚ ਦੁਬਾਰਾ ਸੁਣਵਾਈ ਹੋਵੇਗੀ। ਇਸ ਦੌਰਾਨ ਪਤਾ ਲੱਗਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੂੰ ਡੇਰਾ ਮੁਖੀ ਦੀ ਪੁੱਛ-ਪੜਤਾਲ ਤੋਂ ਬਾਅਦ ਅਹਿਮ ਸੁਰਾਗ ਮਿਲੇ ਹਨ ਅਤੇ ਉਨ੍ਹਾਂ ਬੇਅਦਬੀ ਕਾਂਡ ਦੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੁੱਝ ਅਹਿਮ ਵਿਅਕਤੀਆਂ ਤੋਂ ਵੀ ਬੇਅਦਬੀ ਕਾਂਡ ਬਾਰੇ ਪੁੱਛ-ਪੜਤਾਲ ਸੰਭਵ ਹੈ।

ਬਹਿਬਲ ਕਲਾਂ ਗੋ ਲੀ ਕਾਂਡ ਦੀ ਟਲੀ ਸੁਣਵਾਈ

ਬਹਿਬਲ ਕਲਾਂ ਗੋ ਲੀ ਕਾਂਡ ਮਾਮਲੇ ਦੀ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਸੁਣਵਾਈ ਹੋਈ, ਜਿੱਥੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਸਾਰੇ ਮੁਲਜ਼ਮ ਹਾਜ਼ਰ ਸਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਨਵੰਬਰ ਨੂੰ ਰੱਖੀ ਹੈ। ਉਸ ਦਿਨ ਮੁਲਜ਼ਮਾਂ ਵੱਲੋਂ ਦਿੱਤੀਆਂ ਗਈਆਂ ਅਰਜ਼ੀਆਂ ਉੱਪਰ ਬਹਿਸ ਹੋਵੇਗੀ। ਇਸੇ ਦਰਮਿਆਨ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਫੋਰੈਂਸਿਕ ਜਾਂਚ ਰਿਪੋਰਟ ਦੀ ਨਕਲ ਡੇਰਾ ਪ੍ਰੇਮੀਆਂ ਨੂੰ ਨਹੀਂ ਦਿੱਤੀ ਜਾ ਸਕੀ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ 3 ਦਸੰਬਰ ਨੂੰ ਹੋਵੇਗੀ।