ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਪੂਰੇ ਦੇਸ਼ ਵਿੱਚ 7 ਗੇੜ ਵਿੱਚ ਵੋਟਿੰਗ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਪੰਜਾਬ ਵਿੱਚ ਆਖਰੀ ਗੇੜ ਵਿੱਚ 1 ਜੂਨ ਨੂੰ ਚੋਣ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਕਿਸਾਨ ਆਖਰੀ ਪੜਾਅ ਦੀਆਂ ਚੋਣਾਂ ਨੂੰ ਸਾਜ਼ਿਸ਼ ਕਰਾਰ ਦੇ ਰਹੇ ਹਨ।
ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਸ ਸਮੇਂ ਕਿਸਾਨ ਆਪਣੇ ਕੰਮ ਵਿੱਚ ਰੁੱਝੇ ਹੋਣਗੇ। ਇਸ ਕਾਰਨ ਵੋਟਿੰਗ ਪ੍ਰਤੀਸ਼ਤ ਵਿੱਚ ਗਿਰਾਵਟ ਆਵੇਗੀ। ਕਾਂਗਰਸ ਦੇ ਸੀਨੀਅਰ ਪ੍ਰਤਾਪ ਸਿੰਘ ਬਾਜਵਾ ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਵੀ ਕੀਤੀ ਹੈ। ਤਾਂ ਜੋ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ। ਨਾਲ ਹੀ ਕਿਸੇ ਇੱਕ ਧਿਰ ਨੂੰ ਇਸ ਦਾ ਲਾਭ ਨਹੀਂ ਮਿਲਣਾ ਚਾਹੀਦਾ।
ਉਨ੍ਹਾਂ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਕਿਸਾਨ ਝੋਨੇ ਦੀ ਲੁਆਈ ਵਿੱਚ ਰੁੱਝੇ ਹੋਏ ਹੁੰਦੇ ਹਨ। ਇਸ ਕਾਰਨ ਕਿਸਾਨਾਂ ਦੀ ਵੋਟ ਫ਼ੀਸਦੀ ਘਟੇਗੀ। ਬਾਜਵਾ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਵੋਟ ਘੱਟ ਪਵੇ ਇਸ ਲਈ ਇਹ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਨੇ ਕਿਹਾ ਕਿ 4-5 ਫ਼ੀਸਦੀ ਕਿਸਾਨ ਅਤੇ ਮਜ਼ਦੂਰ ਘੱਟ ਵੋਟ ਪਾਉਣ ਲਈ ਪੁੱਜਣਗੇ ਕਿਉਂਕਿ ਉਨ੍ਹਾਂ ਦਾ ਧਿਆਨ ਝੋਨੇ ਵੱਲ ਹੋਵੇਗਾ। ਕਿਸਾਨਾਂ ਦੀ ਵੋਟ ਘੱਟਣ ਪੈਣ ਨਾਲ ਖਾਸ ਸਿਆਸੀ ਪਾਰਟੀ ਨੂੰ ਫਾਇਦਾ ਪੁੱਜੇਗਾ।
ਇਸ ਦੌਰਾਨ ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਾਰੀਕ ਬਦਲੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ‘ਚ ਲੋਕ ਸਭਾ ਦੀ ਚੋਣ ਹਰਿਆਣਾ ਅਤੇ ਕਾਂਗਰਸ ਦੇ ਨਾਲ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਬੀਜੇਪੀ ਸਾਰੀਆਂ ਥਾਵਾਂ ਤੋਂ ਫਰੀ ਹੋ ਕੇ ਅਖੀਰ ‘ਚ ਪੰਜਾਬ ‘ਚ ਆਪਣਾ ਤੰਤਰ ਵਰਤੇਗੀ ਤਾਂ ਪੰਜਾਬ ‘ਚ ਨਿਰਪੱਖ ਚੋਣਾਂ ਨਹੀਂ ਹੋਣਗੀਆਂ।
ਇਸ ਦੌਰਾਨ ਬਾਜਵਾ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਉਪਰ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡਾ ਆਮ ਆਦਮੀ ਪਾਰਟੀ ਨਾਲ ਗਠਜੋੜ ਹੋ ਜਾਂਦਾ ਤਾਂ ਕੁਝ ਨਹੀਂ ਰਹਿਣਾ ਚਾਹੀਦਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੋ ਗਿਆ ਤਾਂ ਭਾਜਪਾ ਦਾ ਕੁਝ ਨਹੀਂ ਬਚੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਦਾ ਕੋਈ ਵੀ ਮੁੱਦਾ ਹੱਲ ਨਹੀਂ ਕਰਵਾਇਆ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਸੱਤਵੇਂ ਅਤੇ ਆਖਰੀ ਗੇੜ ‘ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ 4 ਜੂਨ ਨੂੰ ਕੀਤਾ ਜਾਵੇਗਾ।